Farmer Protest: ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ (Shubkaran Singh) ਦੀ ਅੱਜ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ਼ੁਭਕਰਨ ਦੇ ਪਿੰਡ ਬੱਲੋ ਦੇ ਵਿੱਚ ਕਿਸਾਨਾਂ ਦੇ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ 'ਤੇ ਸ਼ੰਭੂ, ਖਨੌਰੀ ਤੇ ਰਤਨਪੁਰ 'ਤੇ ਸ਼ਹੀਦੀ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।
ਬੱਲੋ ਪਿੰਡ ਵਿੱਚ ਸਥਾਪਿਤ ਸ਼ੁਭਕਰਨ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਾਮ ਨੂੰ ਇੱਕ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਸ਼ੁਭਕਰਨ ਦੀ ਪਿਛਲੇ ਸਾਲ ਹਰਿਆਣਾ ਪੁਲਿਸ ਨਾਲ ਹੋਈ ਝੜਪ ਦੌਰਾਨ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੀ ਯਾਦ ਵਿੱਚ ਸਟੇਡੀਅਮ ਬਣਾਉਣ ਅਤੇ ਸੜਕ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਇੱਕ ਸਾਲ ਪੂਰਾ ਹੋਣ ਦੇ ਬਾਵਜੂਦ ਕੋਈ ਵਾਅਦੇ ਪੂਰੇ ਨਹੀਂ ਕੀਤੇ ਅਤੇ ਨਾ ਹੀ ਸ਼ੁਭਕਰਨ ਸਿੰਘ ਨੂੰ ਗੋਲੀ ਮਾਰ ਕੇ ਮਾਰੇ ਜਾਣ ਦੇ ਮਾਮਲੇ ਵਿੱਚ ਕੋਈ ਕਾਰਵਾਈ ਕੀਤੀ ਗਈ ਅਤੇ ਨਾ ਹੀ ਅਜੇ ਤੱਕ ਪਰਿਵਾਰ ਨੂੰ ਇਨਸਾਫ ਮਿਲਿਆ।
ਓਧਰ ਦੂਜੇ ਪਾਸੇ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਭੁੱਖ ਹੜਤਾਲ 88ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹਾਲਾਂਕਿ, ਉਹ 14 ਤਰੀਕ ਤੋਂ ਡਾਕਟਰੀ ਸਹੂਲਤ ਨਹੀਂ ਲੈ ਰਹੇ ਹਨ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਹੈ ਕਿ ਉਹ 22 ਤਰੀਕ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਛੇਵੇਂ ਦੌਰ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਐਮਐਸਪੀ ਦੇ ਮੁੱਦੇ 'ਤੇ ਲੋਕਾਂ ਤੋਂ ਸੁਝਾਅ ਵੀ ਮੰਗੇ ਹਨ, ਤਾਂ ਜੋ ਉਹ ਕਿਸਾਨਾਂ ਦੀ ਲੜਾਈ ਮਜ਼ਬੂਤੀ ਨਾਲ ਲੜ ਸਕਣ।
ਦੱਸ ਦਈਏ ਕਿ ਇਸ ਕਿਸਾਨ ਅੰਦੋਲਨ ਨੂੰ ਸ਼ੁਰੂ ਹੋਏ ਨੂੰ ਇੱਕ ਸਾਲ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਵੀਰਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੱਤ ਮਿੰਟ ਦਾ ਸੰਦੇਸ਼ ਦਿੱਤਾ। ਸੁਨੇਹੇ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਇਹ ਲੜਾਈ ਬਹੁਤ ਅੱਗੇ ਵਧੀ ਹੈ, ਜਦੋਂ ਸੰਘਰਸ਼ ਸ਼ੁਰੂ ਹੋਇਆ ਸੀ, ਉਸ ਸਮੇਂ ਲੋਕਾਂ ਨੂੰ ਐਮਐਸਪੀ ਬਾਰੇ ਕੁਝ ਵੀ ਨਹੀਂ ਪਤਾ ਸੀ।
ਪਰ ਹੁਣ ਇਸ ਤੋਂ ਬਾਅਦ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਚਰਚਾ ਹੋ ਰਹੀ ਹੈ। ਇਸ ਦੇ ਨਾਲ ਹੀ ਇਸ ਲੜਾਈ ਨੂੰ ਜਿੱਤਣ ਲਈ ਇੱਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਦਿੱਲੀ ਕਿਸਾਨ ਅੰਦੋਲਨ ਦੀ ਏਕਤਾ ਦਾ ਜ਼ਿਕਰ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਅੰਤ ਵਿੱਚ ਉਨ੍ਹਾਂ ਨੇ ਸੰਗਠਨਾਂ ਨੂੰ 27 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਏਕਤਾ ਮੀਟਿੰਗ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।