ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਇਸ ਦੇ ਅਗਲੇ ਹੀ ਦਿਨ ਪਹਿਲਾ ਵਿਧਾਨ ਸਭਾ ਸੈਸ਼ਨ ਸੱਦਿਆ ਗਿਆ ਹੈ ਜਿੱਥੇ ਵਿਧਾਇਕ ਸਹੁੰ ਚੁੱਕਣਗੇ।


 





ਦੱਸ ਦਈਏ ਕਿ 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਪੰਜਾਬ ਵਿੱਚ ਤਾਜ਼ਾ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ ਤੇ ਧੂਰੀ ਸੀਟ ਤੋਂ ਭਗਵੰਤ ਮਾਨ ਨੇ ਪਰਚਮ ਲਹਿਰਾਇਆ ਹੈ। 



ਮਾਨ ਨੇ ਧੂਰੀ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਤੇ ਪੂਰੇ ਪੰਜਾਬ 'ਚ ਆਪ ਨੇ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਹਾਸਲ ਕੀਤੀ।



ਦੱਸ ਦਈਏ ਕਿ ਪੰਜਾਬ ਦੀ ਨਵੀਂ ਕੈਬਨਿਟ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਅੱਜ ਵਿਚਾਰ-ਵਟਾਂਦਰਾ ਹੋਣਾ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਏ ਜਾਣ ਦੀ ਸੰਭਾਵਨਾ ਹੈ। ਦਿਲਚਸਪ ਗੱਲ ਇਹ ਹੈ ਕਿ ਪਾਰਟੀ ਵੱਲੋਂ ਇਹ ਸੰਕੇਤ ਮਿਲ ਰਹੇ ਹਨ ਕਿ 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬਾਕੀ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਬਾਅਦ ਵਿੱਚ ਚੰਡੀਗੜ੍ਹ ਵਿਖੇ ਸਹੁੰ ਚੁਕਾਈ ਜਾਵੇਗੀ।



ਪਾਰਟੀ ਦੇ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਿੱਲੀ ਵਿੱਚ ਪਾਰਟੀ ਦੇ ਉੱਚ ਅਧਿਕਾਰੀ ਪਹਿਲਾਂ ਹੀ ਮੰਤਰੀ ਮੰਡਲ ਵਿੱਚ ਸੰਭਾਵੀ ਸ਼ਮੂਲੀਅਤ ਨੂੰ ਦੇਖ ਰਹੇ ਹਨ। ਸ਼ੁਰੂ ਵਿੱਚ ਸਿਰਫ਼ ਛੇ ਤੋਂ ਸੱਤ ਮੰਤਰੀ ਹੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣੇ ਹਨ।


ਪੰਜਾਬ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ 18 ਮੈਂਬਰ ਹੋ ਸਕਦੇ ਹਨ ਜਿਨ੍ਹਾਂ ਦੇ ਨਾਂ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਬਲਜਿੰਦਰ ਕੌਰ, ਨੀਨਾ ਮਿੱਤਲ ਤੇ ਬੁੱਧ ਰਾਮ ਸ਼ਾਮਲ ਹਨ। ਪੰਜਾਬ ਸਰਕਾਰ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਤੇ 2.42 ਕਰੋੜ ਰੁਪਏ ਖਰਚ ਕਰੇਗੀ।