ਜਲੰਧਰ : ਜਲੰਧਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸਵਾਈਨ ਫਲੂ ਨਾਲ ਪਹਿਲੀ ਮੌਤ ਦਰਜ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਸ਼ਾਹਕੋਟ ਦੇ ਰਹਿਣ ਵਾਲੇ 52 ਸਾਲਾ ਵਿਅਕਤੀ ਵਜੋਂ ਹੋਈ ਹੈ। ਉਨ੍ਹਾਂ ਦਾ ਡੀਐਮਸੀ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ। ਮੈਡੀਕਲ ਰਿਪੋਰਟ ਅਨੁਸਾਰ ਜਦੋਂ ਸਵਾਈਨ ਫਲੂ ਦੀ ਪੁਸ਼ਟੀ ਹੋਈ ਤਾਂ ਮਰੀਜ਼ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। 


 

ਜਾਣਕਾਰੀ ਅਨੁਸਾਰ ਇਸ ਤੋਂ ਇਲਾਵਾ ਮ੍ਰਿਤਕ ਨੂੰ ਬੁਖਾਰ ਅਤੇ ਗਲੇ ਦੀ ਸਮੱਸਿਆ ਵੀ ਸੀ। ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਸਵਾਈਨ ਫਲੂ ਦੀ ਪੁਸ਼ਟੀ ਹੋਈ ਸੀ। ਮੌਤ ਤੋਂ ਪਹਿਲਾਂ ਫੇਫੜਿਆਂ ਦੀ ਸਮੱਸਿਆ ਵੀ ਪਾਈ ਗਈ ਸੀ। ਦੂਜੇ ਪਾਸੇ ਵੀਰਵਾਰ ਨੂੰ ਇੱਕ ਹੋਰ ਔਰਤ ਨੂੰ ਸਵਾਈਨ ਫਲੂ ਦੀ ਕੈਟਾਗਿਰੀ ਬੀ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਵਿੱਚ ਚਾਰ ਵਿਅਕਤੀ ਸਵਾਈਨ ਫਲੂ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦਕਿ ਇੱਕ ਦੀ ਮੌਤ ਹੋ ਗਈ ਹੈ। 

 

ਸਿਹਤ ਵਿਭਾਗ ਵੱਲੋਂ ਹੁਣ ਤੱਕ ਸਵਾਈਨ ਫਲੂ ਦੀ ਕੈਟਾਗਿਰੀ ਸੀ ਅਧੀਨ 25 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ ਚਾਰ ਦੇ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ। ਕੈਟਾਗਰੀ ਸੀ ਦੇ ਸਵਾਈਨ ਫਲੂ ਦੇ ਮਰੀਜ਼ ਨੂੰ ਗੰਭੀਰ ਹਾਲਤ ਵਿੱਚ ਲਿਆ ਜਾਂਦਾ ਹੈ, ਜਦੋਂ ਕਿ ਹੁਣ ਤੱਕ ਚਾਰ ਕੇਸਾਂ ਦਾ ਪਤਾ ਲਗਾਉਣ ਤੋਂ ਬਾਅਦ ਨਾ ਤਾਂ ਹੋਰ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ ਅਤੇ ਨਾ ਹੀ ਕਿਸੇ ਵਿਅਕਤੀ ਵਿੱਚ ਸਵਾਈਨ ਫਲੂ ਨਾਲ ਸਬੰਧਤ ਕੋਈ ਲੱਛਣ ਮਿਲੇ ਹਨ।
 

ਦੱਸ ਦੇਈਏ ਕਿ ਇਸ ਤੋਂ ਇਲਾਵਾ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਡੇਂਗੂ ਦੇ 9 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਲੱਛਣ ਆਉਣ ਤੋਂ ਬਾਅਦ ਜਾਂਚ ਵਿੱਚ ਰਿਪੋਰਟ ਪਾਜ਼ੇਟਿਵ ਪਾਈ ਗਈ। ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ 9 ਮਰੀਜ਼ਾਂ 'ਚੋਂ 6 ਸ਼ਹਿਰ ਦੇ ਹਨ ਅਤੇ 3 ਮਰੀਜ਼ ਪੇਂਡੂ ਖੇਤਰ ਦੇ ਹਨ। ਇਸ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ ਵੀ 60 ਹੋ ਗਈ ਹੈ, ਜਦੋਂ ਕਿ ਕੁੱਲ ਮਰੀਜ਼ਾਂ ਵਿੱਚੋਂ ਸਿਰਫ਼ ਦੋ ਹੀ ਹਸਪਤਾਲਾਂ ਵਿੱਚ ਦਾਖ਼ਲ ਹਨ।