Flood Across Punjab: ਪੰਜਾਬ ਦੇ ਸਾਰੇ 23 ਜ਼ਿਲ੍ਹੇ ਇਸ ਸਮੇਂ ਹੜ੍ਹ ਨਾਲ ਜੂਝ ਰਹੇ ਹਨ। ਕਈ ਥਾਵਾਂ ‘ਤੇ ਲਗਾਤਾਰ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਸਰਕਾਰ ਦੇ ਅੰਕੜਿਆਂ ਅਨੁਸਾਰ ਸੂਬੇ ਦੇ ਲਗਭਗ 1400 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਅਸਰ ਗੁਰਦਾਸਪੁਰ ਦੇ 324 ਪਿੰਡਾਂ ‘ਤੇ ਪਿਆ ਹੈ।

ਅੰਮ੍ਰਿਤਸਰ ਦੇ 135, ਬਰਨਾਲਾ ਦੇ 134 ਅਤੇ ਹੁਸ਼ਿਆਰਪੁਰ ਦੇ 119 ਪਿੰਡ ਪ੍ਰਭਾਵਿਤ ਹੋਏ ਹਨ। ਹੜ੍ਹ ਕਾਰਨ ਹੁਣ ਤੱਕ ਸਾੜੇ ਤਿੰਨ ਲੱਖ ਲੋਕ ਮੁਸ਼ਕਲਾਂ ਵਿੱਚ ਹਨ। ਇਸੇ ਦੌਰਾਨ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3 ਲੋਕ ਅਜੇ ਵੀ ਲਾਪਤਾ ਹਨ।

ਸਵੇਰੇ 9 ਵਜੇ ਤੱਕ ਭਾਰੀ ਮੀਂਹ ਦਾ ਅਲਰਟ

ਸੰਗਰੂਰ, ਧੂਰੀ, ਮਾਲੇਰਕੋਟਲਾ, ਸਮਾਣਾ, ਨਾਭਾ, ਰਾਜਪੁਰਾ, ਡੇਰਾ ਬੱਸੀ, ਅਮਲੋਹ, ਮੋਹਾਲੀ, ਬੱਸਸੀ ਪਠਾਣਾ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ (ਪੂਰਬ), ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਰਾਇਕੋਟ, ਲੁਧਿਆਣਾ (ਪੱਛਮ), ਫਿਲੌਰ ਅਤੇ ਨਵਾਂਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਤਰਨਤਾਰਨ ਨੂੰ ਹਾਈ ਫਲੱਡ ਏਰੀਆ ਘੋਸ਼ਿਤ ਕੀਤਾ ਗਿਆ

ਭਾਖੜਾ ਡੈਮ ਦਾ ਪਾਣੀ ਪੱਧਰ 1677 ਫੁੱਟ ਤੱਕ ਪਹੁੰਚ ਗਿਆ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਘੱਟ ਹੈ। ਡੈਮ ਦੇ ਫਲੱਡ ਗੇਟ 7 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ ਅਤੇ ਲਗਭਗ 50 ਹਜ਼ਾਰ ਕਿਊਸੈਕ ਪਾਣੀ ਛੱਡਿਆ ਜਾ ਰਿਹਾ ਹੈ।

ਹਰੀਕੇ ਪਤਣ ਹੈੱਡ ਵਰਕਸ ਤੋਂ 3 ਲੱਖ 5 ਹਜ਼ਾਰ ਕਿਊਸੈਕ ਪਾਣੀ ਛੱਡੇ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਤਰਣਤਾਰਨ ਨੂੰ ਹਾਈ ਫਲੱਡ ਏਰੀਆ ਘੋਸ਼ਿਤ ਕਰ ਦਿੱਤਾ ਹੈ। ਇਸ ਪਾਣੀ ਦਾ ਅਸਰ ਫ਼ਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਤੱਕ ਪਹੁੰਚੇਗਾ।

ਕੇਂਦਰ ਪੰਜਾਬ ਦੇ 60 ਹਜ਼ਾਰ ਕਰੋੜ ਜਾਰੀ ਕਰੇ

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦਾ ਦੌਰਾ ਕਰਕੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਇਸੇ ਦੌਰਾਨ, ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਉਮੀਦ ਜਤਾਈ ਹੈ ਕਿ ਰੋਕੇ ਹੋਏ 60 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਹ ਕੇਂਦਰ ਤੋਂ ਆਪਣਾ ਹੱਕ ਮੰਗ ਰਹੇ ਹਨ, ਭੀਖ ਨਹੀਂ। ਉੱਧਰ ਨਕੋਦਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਕਿਸਾਨ ਆਗੂਆਂ ਵਿੱਚ ਹੜ੍ਹ ਪ੍ਰਬੰਧਨ ਨੂੰ ਲੈ ਕੇ ਤਣਾਅ ਵੇਖਣ ਨੂੰ ਮਿਲਿਆ।

ਇਨ੍ਹਾਂ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਪਠਾਨਕੋਟ, ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਘਰੂਰ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਹਨ੍ਹੇਰੀ, ਬਿਜਲੀ ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸੇ ਦੌਰਾਨ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ ਇੱਕ ਡਿਗਰੀ ਦੀ ਵਾਧਾ ਹੋਇਆ ਹੈ, ਹਾਲਾਂਕਿ ਇਹ ਹਾਲੇ ਵੀ ਆਮ ਤੋਂ ਸੱਤ ਡਿਗਰੀ ਘੱਟ ਹੈ। ਅਬੋਹਰ ਵਿੱਚ 30.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਆਈ.ਪੀ.ਐਸ. ਅਧਿਕਾਰੀ ਇੱਕ ਦਿਨ ਦੀ ਤਨਖਾਹ ਦੇਣਗੇਸੂਬੇ ਵਿੱਚ ਹੜ੍ਹ ਨਾਲ ਪੈਦਾ ਹੋਏ ਇਸ ਸੰਕਟ ਦੇ ਸਮੇਂ ਪੰਜਾਬ ਪੁਲਿਸ ਦੇ ਸਾਰੇ ਆਈ.ਪੀ.ਐਸ. ਅਧਿਕਾਰੀਆਂ ਨੇ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਆਪਣੇ ਲੋਕਾਂ ਦੇ ਨਾਲ ਖੜੀ ਹੈ।