Punjab News: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। ਕੁਦਰਤ ਦੇ ਕਹਿਰ ਦੇ ਮੱਦੇਨਜ਼ਰ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। 



ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀਸੀ) ਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।


ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ।


ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ਼, ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ 'ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।


ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ।


ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।