Flood compensation: ਪੰਜਾਬ ਸਰਕਾਰ ਨੇ ਮੰਗਲਵਾਰ ਤੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦੀ ਸ਼ੁਰੂਆਤ ਸੀਐਮ ਭਗੰਵਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ 'ਚ ਕਰਵਾਏ ਸੁਤੰਤਰਤਾ ਦਿਵਸ ਪ੍ਰੋਗਰਾਮ 'ਚ ਚੈੱਕ ਦੇ ਕੇ ਕੀਤੀ। 


ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੰਕੜੇ ਜਾਰੀ ਕਰਕੇ ਦੱਸਿਆ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 1500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਰੀਬ 6 ਲੱਖ ਏਕੜ ਝੋਨੇ ਦਾ ਨੁਕਸਾਨ ਹੋਇਆ ਹੈ। ਇਸ ਵਿੱਚੋਂ 2 ਲੱਖ ਏਕੜ ਵਿੱਚ ਝੋਨਾ ਦੁਬਾਰਾ ਲਾਇਆ ਜਾ ਰਿਹਾ ਹੈ। ਸਰਕਾਰੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਈ ਜਾ ਰਹੀ ਹੈ।


 



ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਨੂੰ 15 ਅਗਸਤ ਤੱਕ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਸੀ। ਸੀਐਮ ਮਾਨ ਨੇ ਦਾਅਵਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਤੇ ਇਹ ਸੂਬਾ ਸਰਕਾਰ ਕੋਲ ਪਹੁੰਚ ਗਈ ਹੈ। ਇਸ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪੁੱਜਣੀ ਸ਼ੁਰੂ ਹੋ ਗਈ ਹੈ।



ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 12 ਜ਼ਿਲ੍ਹਿਆਂ ਦੇ ਕਰੀਬ 25,000 ਪਰਿਵਾਰਾਂ ਨੂੰ 1 ਲੱਖ ਰੁਪਏ ਮੁਆਵਜ਼ੇ ਵਜੋਂ ਜਾਰੀ ਕੀਤੇ ਸਨ ਪਰ ਜ਼ਿਲ੍ਹਾ ਮਾਨਸਾ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਸੀ, ਜਦੋਂਕਿ ਜਲੰਧਰ ਤੋਂ ਬਾਅਦ ਮਾਨਸਾ ਵਿੱਚ ਹੜ੍ਹਾਂ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਕੇਂਦਰੀ ਟੀਮ ਨੇ ਤਿੰਨ ਦਿਨਾਂ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।