ਗੁਰਦਾਸਪੁਰ: ਜੰਮੂ-ਕਸ਼ਮੀਰ, ਹਿਮਾਚਲ ਤੇ ਪੰਜਾਬ ਵਿੱਚ ਹੋਈ ਬਾਰਸ਼ ਕਰਕੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਰਹੱਦੀ ਇਲਾਕੇ ਦੇ ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਹੋਰ ਬਾਰਸ਼ ਪੈਣ ਦੀ ਸੰਭਵਾਨਾਂ ਹੈ।

 

ਇਸ ਨਾਲ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੀ ਕਈ ਏਕੜ ਖੇਤੀ ਵਾਲੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਇਸ ਨਾਲ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਭਾਰਤ ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਵੀ ਪਾਣੀ ਵਿੱਚ ਡੁੱਬ ਗਈ ਹੈ।

 

 

ਰਾਵੀ ਵਿੱਚ ਪਾਣੀ ਦੀ ਪੱਧਰ ਵਧਣ ਨਾਲ ਗੁਰਦਾਸਪੁਰ ਦੇ ਬਲਾਕ ਕਲਾਨੌਰ ਦੇ ਸਰਹੱਦੀ ਪਿੰਡਾਂ ਰੋਸਾ, ਪਕੀਵ, ਚੰਦੂ ਵਡਾਲਾ, ਬੋਹੜ ਵਡਾਲਾ, ਲੋਪਾ, ਮੇਹਰ ਚੱਕਵਾ ਦੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਇਨ੍ਹਾਂ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ।

 

 

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੈਂਕੜੇ ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ। ਉਹ ਪੂਰੀ ਤਰ੍ਹਾਂ ਡੁੱਬ ਗਈ ਹੈ। ਇਸ ਦੇ ਨਾਲ ਹੀ ਤਾਰ ਦੇ ਇਸ ਪਾਸੇ ਵੀ ਹਜ਼ਾਰਾਂ ਏਕੜ ਫਸਲ ਪ੍ਰਭਾਵਿਤ ਹੋਈ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।