ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਪਈ ਬਾਰਸ਼ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੈ। ਮੋਟੇ ਅੰਦਾਜ਼ੇ ਮੁਤਾਬਕ 1700 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਤਕਰੀਬਨ 750 ਕਰੋੜ ਰੁਪਏ ਦੀ ਫਸਲ ਤਬਾਹ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪੀੜਤਾਂ ਲਈ 1000 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੂਰੇ ਨੁਕਸਾਨ ਦੀ ਸੂਚੀ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਕਿਸੇ ਰਾਹਤ ਰਾਸ਼ੀ ਦਾ ਐਲਾਨ ਨਹੀਂ ਕੀਤਾ। ਇਸ ਦੇ ਨਾਲ ਹੀ ਕਾਂਗਰਸੀ ਲੀਡਰ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਨੂੰ ਵੱਧ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਬਾਜਵਾ ਨੇ ਕਿਹਾ ਹੈ ਕਿ ਹੜ੍ਹ ਕਾਰਨ ਪੰਜਾਬ ਵਿੱਚ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਬੀਤੇ ਦਿਨਾਂ ਤੋਂ ਪੈ ਰਹੇ ਮੋਹਲੇਧਾਰ ਮੀਂਹ ਤੇ ਭਾਖੜਾ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਤੇ ਉਸ ਨਾਲ ਜੁੜੇ ਨਦੀ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਕਈ ਇਲਾਕਿਆਂ ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਫਿਰੋਜ਼ਪੁਰ ਤੇ ਰੂਪਨਗਰ ਸ਼ਾਮਲ ਹਨ ਵਿੱਚ ਫਸਲਾਂ ਖਾਸਕਰ ਝੋਨੇ ਦੀ ਫਸਲ ਤੇ ਨੀਵੇਂ ਇਲਾਕਿਆਂ ਵਿਚਲੇ ਘਰਾਂ ਨੂੰ ਨੁਕਸਾਨ ਪੁੱਜਿਆ ਹੈ। ਖੇਤਾਂ ਵਿੱਚ ਪਾਣੀ ਭਰਨ ਕਾਰਨ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ। ਇਸ ਦੇ ਨਾਲ ਹੀ ਧਰਤੀ ਉਪਰਲੀ ਮਿੱਟੀ ਵੀ ਖੁਰ ਗਈ ਹੈ ਜਿਸ ਕਾਰਨ ਖੇਤੀ ਖੇਤਰ ਨੂੰ ਅੱਗੇ ਵੀ ਨੁਕਸਾਨ ਝੱਲਣਾ ਪਵੇਗਾ। ਕਿਸਾਨ ਜਿਨ੍ਹਾਂ ਦੀ ਫਸਲ ਤੇ ਪਸ਼ੂਧਨ ਨੂੰ ਨੁਕਸਾਨ ਪੁੱਜਿਆ ਹੈ, ਨੂੰ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਨੂੰ ਵੱਧ ਫੰਡ ਮੁਹੱਈਆ ਕਰਵਾਏ ਜਾਣ।