Flood in Punjab: ਹਿਮਾਚਲ ਪ੍ਰਦੇਸ਼ ਵਿੱਚ ਪਏ ਮੀਂਹ ਨੇ ਪੰਜਾਬ ਵਿੱਚ ਫਿਰ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਤੀਜੀ ਵਾਰ ਹੜ੍ਹਾਂ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ, ਜਦਕਿ ਤਰਨ ਤਾਰਨ ਦਾ ਇੱਕ ਸਰਹੱਦੀ ਪਿੰਡ ਪਾਣੀ ਵਿੱਚ ਡੁੱਬ ਗਿਆ ਹੈ। ਭਾਖੜਾ ਡੈਮ ਤੇ ਹਰੀਕੇ ਹੈੱਡ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਹਾਸਲ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਪਹਿਲਾਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਤੋਂ 8 ਫੁੱਟ ਤੱਕ ਘੱਟ ਗਿਆ ਸੀ, ਪਰ ਹੁਣ ਇਹ ਮੁੜ 1680 ਫੁੱਟ ਦੇ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇਸ ਤੋਂ ਬਾਅਦ ਭਾਖੜਾ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਭਾਖੜਾ ਵਿੱਚ ਅੱਜ ਪਾਣੀ ਦਾ ਪੱਧਰ 1673.91 ਫੁੱਟ ਹੈ। ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ 4 ਫੁੱਟ ਤੱਕ ਖੁੱਲ੍ਹਾ ਰੱਖਿਆ ਗਿਆ, ਜਿਸ ਤੋਂ ਬਾਅਦ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 52810 ਕਿਊਸਿਕ ਦਰਜ ਕੀਤੀ ਗਈ। ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41143 ਕਿਊਸਿਕ ਤੇ ਫਲੱਡ ਗੇਟਾਂ ਰਾਹੀਂ 15358 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਤੇ ਸਤਲੁਜ ਦਰਿਆ ਵਿੱਚ 35900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜਦੋਂਕਿ ਨੰਗਲ ਡੈਮ ਤੋਂ 58400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਹਿਮਾਚਲ 'ਚ ਹੋਈ ਬਾਰਸ਼ ਤੋਂ ਬਾਅਦ ਰੋਪੜ 'ਚ ਸਤਲੁਜ ਦੇ ਕੰਢੇ ਵਸੇ ਪਿੰਡ ਇੱਕ ਵਾਰ ਫਿਰ ਖਾਲੀ ਕਰਵਾ ਲਏ ਗਏ ਹਨ। ਪਿੰਡ ਹਰਸ਼ਾ ਬੇਲਾ ਤੇ ਆਸ-ਪਾਸ ਦੇ ਪਿੰਡਾਂ ਵਿੱਚ ਸਤਲੁਜ ਦੇ ਕਿਨਾਰੇ ਟੁੱਟ ਕੇ ਪਾਣੀ ਪਿੰਡ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ। ਪਿੰਡ ਵਿੱਚ ਰੱਖੀ ਪਵਿੱਤਰ ਮੂਰਤੀ ਨੂੰ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਹੈ।
ਦੇਰ ਰਾਤ ਐਨਡੀਆਰਐਫ ਦੀਆਂ ਟੀਮਾਂ ਵੀ ਪਿੰਡਾਂ ਵਿੱਚ ਪਹੁੰਚ ਗਈਆਂ ਹਨ ਤੇ ਰਾਹਤ ਕਾਰਜ ਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। ਰੋਪੜ ਦੇ ਡੀਸੀ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਨੇ ਪਿੰਡ ਹਰਸ਼ਾ ਬੇਲਾ ਦਾ ਦੌਰਾ ਕੀਤਾ ਹੈ। NDRF ਦੀਆਂ ਟੀਮਾਂ ਵੀ ਮਦਦ ਲਈ ਪਹੁੰਚ ਰਹੀਆਂ ਹਨ।
ਇਸ ਦੇ ਨਾਲ ਹੀ ਤਰਨ ਤਾਰਨ ਦੇ ਹਰੀਕੇ ਹੈੱਡ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਰੀਕੇ ਹੈੱਡ 'ਤੇ ਕਰੀਬ 1.72 ਲੱਖ ਕਿਊਸਿਕ ਪਾਣੀ ਤੇ 1.49 ਲੱਖ ਕਿਊਸਿਕ ਪਾਣੀ ਡਾਊਨ ਸਟ੍ਰੀਮ 'ਤੇ ਛੱਡਿਆ ਜਾ ਰਿਹਾ ਹੈ, ਜਿਸ ਨਾਲ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਲਈ ਖ਼ਤਰਾ ਬਣਿਆ ਹੋਇਆ ਹੈ। ਕਈ ਪਿੰਡ ਅਜੇ ਵੀ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਨਹੀਂ ਹਨ। ਇੱਥੋਂ ਤੱਕ ਕਿ ਰਾਹਤ ਸਮੱਗਰੀ ਵੀ ਇੱਥੇ ਲੋਕਾਂ ਤੱਕ ਨਹੀਂ ਪਹੁੰਚ ਰਹੀ।