ਪੰਜਾਬ ਵਿੱਚ ਪਾਣੀਆਂ ਤੋਂ ਬਾਅਦ ਹੁਣ ਲੀਡਰਾਂ ਦਾ ਹੜ੍ਹ ! PM ਮੋਦੀ, ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਰਾਹੁਲ ਗਾਂਧੀ ਦੀ ਫੇਰੀ, ਜਾਣੋ ਕੀ ਨੇ ਮਾਇਨੇ ?
ਭਾਰਤੀ ਜਨਤਾ ਪਾਰਟੀ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ।
Punjab News: ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਹੁਣ ਸਿਆਸੀ ਦੌਰਿਆਂ ਦਾ ਹੜ੍ਹ ਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ, ਹੁਣ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ। ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਹਨ।
ਭਾਰਤੀ ਜਨਤਾ ਪਾਰਟੀ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ।
ਇਸ ਤੋਂ ਬਾਅਦ, ਭਾਜਪਾ ਨੇ ਹੁਣ 25 ਕੇਂਦਰੀ ਰਾਜ ਮੰਤਰੀਆਂ ਨੂੰ ਪੰਜਾਬ ਦਾ ਦੌਰਾ ਕਰਨ ਲਈ ਭੇਜਿਆ ਹੈ। ਇਹ ਦੌਰਾ 20 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਅੰਦੋਲਨ ਤੋਂ ਬਾਅਦ, ਭਾਜਪਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ। ਭਾਜਪਾ ਨੂੰ ਲੋਕ ਸਭਾ ਵਿੱਚ ਇੱਕ ਵੀ ਸੀਟ ਨਹੀਂ ਮਿਲੀ। ਇਹੀ ਕਾਰਨ ਹੈ ਕਿ ਪਾਰਟੀ ਹੁਣ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਕਿਸਾਨਾਂ ਨਾਲ ਸੰਪਰਕ ਕਰਨ ਵਿੱਚ ਰੁੱਝੀ ਹੋਈ ਹੈ।
ਇਸੇ ਤਰ੍ਹਾਂ ਜੇ ਆਪ ਦੀ ਗੱਲ ਕਰੀਏ ਤਾਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਹੁਣ ਆਪ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਾਰਜਭਾਰ ਸੰਭਾਲਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ 15 ਮੰਤਰੀਆਂ ਨੂੰ ਵੀ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਪ ਨੇ 'ਜਿਸਦਾ ਖੇਤ ਉਸਦੀ ਰੇਤ' ਨੀਤੀ ਦਾ ਵੀ ਐਲਾਨ ਕੀਤਾ ਹੈ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਵਿਧਾਨ ਸਭਾ ਚੋਣਾਂ ਵਿੱਚ ਆਪ ਸਾਲ 2022 ਦੇ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੁੰਦੀ ਹੈ, ਜਿਸ ਲਈ ਸੰਗਠਨ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।
ਕਾਂਗਰਸ ਦੇ ਵੱਡੇ ਲੀਡਰ ਤੇ ਦੇਸ਼ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਵੀ ਹਾਲ ਹੀ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਵੀ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਦਦ ਪ੍ਰਦਾਨ ਕੀਤੀ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਤੇ ਮਦਦ ਪ੍ਰਦਾਨ ਕਰਨ ਵਿੱਚ ਲੱਗੇ ਹੋਏ ਹਨ। ਇਨ੍ਹਾਂ ਸਿਆਸੀ ਲੀਡਰਾਂ ਦੀਆਂ ਗਤੀਵਿਧੀਆਂ ਨੂੰ ਇਸ ਵੇਲੇ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਹਨ।






















