Punjab Flood: ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਹੜ੍ਹ ਵਰਗੇ ਹਲਾਤ ਬਣ ਰਹੇ ਹਨ। ਜ਼ਿਕਰ ਕਰ ਦਈਏ ਕਿ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ। ਜਿਸ ਕਾਰਨ ਪਿੰਡ ਵਾਲਿਆਂ ਨੂੰ ਸੁਰੱਖਿਅਤ ਥਾਵਾਂ ਉੱਤੇ ਕੱਢਿਆ ਜਾ ਰਿਹਾ ਹੈ।


ਪ੍ਰਸ਼ਾਸਨ ਨੇ ਲਿਆ ਮੌਕੇ ਦੇ ਹਲਾਤਾਂ ਦਾ ਜਾਇਜ਼ਾ


ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਦੇ ਕਾਹਨੂੰਵਾਨ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 5 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਆਰਮੀ ਅਤੇ ਐਨਡੀਆਰਐਫ ਦੀਆਂ ਟੀਮਾਂ ਕਿਸ਼ਤੀਆਂ ਵਿੱਚ ਗਸ਼ਤ ਕਰ ਰਹੀਆਂ ਹਨ, ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੈ ਉਨ੍ਹਾਂ ਲੋਕਾਂ ਤੱਕ ਮਦਦ ਪਹੁੰਚ ਰਹੀ ਹੈ।


ਫ਼ਸਲਾਂ ਬਰਬਾਦ ਹੋ ਗਈਆਂ, ਪਸ਼ੂਆਂ ਦਾ ਵੀ ਹੋਇਆ ਨੁਕਸਾਨ


ਪਿੰਡ ਝੰਡਲਵਾਣਾ ਦੇ ਲੋਕਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਸਥਿਤੀ ਨਾਜ਼ੁਕ ਬਣੀ ਹੋਈ ਹੈ, ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ ਅਤੇ ਸਾਡੇ ਪਸ਼ੂਆਂ ਦਾ ਵੀ ਨੁਕਸਾਨ ਹੋਇਆ ਹੈ ਪਰ ਅਜੇ ਤੱਕ ਕੋਈ ਮਦਦ ਨਹੀਂ ਪਹੁੰਚਿਆ। ਪਿੰਡ ਵਾਲਿਆਂ ਨੇ ਕਿਹਾ ਕਿ ਸਾਡੀ ਬਿਜਲੀ ਕੱਟ ਦਿੱਤੀ ਗਈ ਹੈ। ਹਰ ਪਾਸੇ ਪਾਣੀ ਹੀ ਪਾਣੀ ਹੈ। ਇਸ ਮੌਕੇ ਪਿੰਡ ਵਾਲਿਆਂ ਨੇ CM ਨੇ ਭਗਵੰਤ ਮਾਨ ਤੋਂ ਪਾਣੀ ਕਾਰਨ ਨੁਕਸਾਨੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।


ਜੇ ਪਾਣੀ ਛੱਡਣਾ ਹੀ ਸੀ ਤਾਂ....


ਉਨ੍ਹਾਂ ਕਿਹਾ ਕਿ ਪਿੰਡ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਫਸਲ ਦਾ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦੀ ਭਰਪਾਈ ਦਸ ਸਾਲਾਂ ਵਿੱਚ ਵੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜੇ ਦਰਿਆ ਚ ਪਾਣੀ ਛੱਡਣਾ ਹੀ ਸੀ ਤਾਂ ਹੌਲੀ-ਹੌਲੀ ਕਰਕੇ ਛੱਡਦੇ ਪਰਰ  ਇਹ ਇੱਕਦਮ ਛੱਡਿਆ ਗਿਆ ਹੈ ਜਿਸ ਕਾਰਨ ਸਾਰੀ ਫਸਲ ਤਬਾਹ ਹੋ ਗਈ ਹੈ। 


ਅਸਲ ਵਿੱਚ ਕਿਸਾਨਾਂ ਨੂੰ ਨਹੀਂ ਮਿਲਦਾ ਮੁਆਵਜ਼ਾ


ਪਿੰਡ ਵਾਲਿਆਂ ਨੇ ਸਰਕਾਰ ਤੋਂ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਵੀ ਮੁਆਵਜ਼ਾ ਉਨ੍ਹਾਂ ਨੂੰ ਦਿੰਦੀ ਹੈ ਜਿਨ੍ਹਾਂ ਦਾ ਨੁਕਸਾਨ ਨਹੀਂ ਹੋਇਆ ਹੁੰਦਾ ਹੈ ਤੇ ਜਿਸ ਕਿਸਾਨ ਦਾ ਨੁਕਸਾਨ ਅਸਲ ਵਿੱਚ ਹੋਇਆ ਹੁੰਦਾ ਹੈ, ਉਸ ਤੱਕ ਮੁਆਵਜ਼ਾ ਪਹੁੰਚਦਾ ਹੀ ਨਹੀਂ ਹੈ।