Punjab News: ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਨੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰਾਂ ਵਿੱਚ ਵੱਡੀ ਮਾਰ ਕੀਤੀ ਹੈ। ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਸੂਬੇ ਦੇ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਹੀਂ ਐਲਾਨਿਆ। ਇਸ ਨਾਲ ਪੰਜਾਬ ਨੂੰ ਕੇਂਦਰ ਤੋਂ ਹੋਰ ਫੰਡ ਹਾਸਲ ਕਰਨ ਵਿੱਚ ਦਿੱਕਤ ਆ ਸਕਦੀ ਹੈ।


ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਿਨਾਂ ਵਰਤੋਂ ਰਿਪੋਰਟ ਦੇ 218 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਪਰ ਜੇਕਰ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸੂਬਾ ਨਾ ਐਲਾਨਿਆ ਗਿਆ ਤਾਂ ਹੋਰ ਸਹਾਇਤਾ ਮਿਲਣ ਦੀ ਸੰਭਾਵਨਾ ਘੱਟ ਹੈ। ਮਾਹਿਰਾਂ ਮੁਤਾਬਕ ਕੇਂਦਰ ਤੋਂ ਵਾਧੂ ਵਿੱਤੀ ਸਹਾਇਤਾ ਲਈ ਸੂਬੇ ਨੂੰ ਹੜ੍ਹ ਪ੍ਰਭਾਵਿਤ ਸੂਬਾ ਐਲਾਨਿਆ ਜਾਣਾ ਜ਼ਰੂਰੀ ਹੈ।


ਦਰਅਸਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਹੇਠ ਆਏ 3 ਹਫ਼ਤੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਜੇ ਵੀ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐਨਡੀਆਰਐਫ, ਐਸਡੀਆਰਐਫ, ਫੌਜ ਤੇ ਸਮਾਜਿਕ ਸੰਸਥਾਵਾਂ ਦਿਨ-ਰਾਤ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਸਰਕਾਰ ਨੇ ਖੁਦ ਸਵੀਕਾਰ ਕੀਤਾ ਹੈ ਸੂਬੇ ਦੇ 19 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।


ਇਹ ਵੀ ਪੜ੍ਹੋ: Punjab: ਅੱਜ ਦਫਤਰਾਂ 'ਚ ਨਹੀਂ ਹੋਣਗੇ ਕੰਮ! ਪੰਜਾਬ ਭਰ 'ਚ ਮਾਲ ਮਹਿਕਮੇ ਦਾ ਕੰਮ ਠੱਪ, 'ਆਪ' ਵਿਧਾਇਕ ਨਾਲ ਪੇਚੇ ਮਗਰੋਂ ਸੰਕਟ ਗਹਿਰਾਇਆ


ਉਧਰ, ਪੰਜਾਬ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਜੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੋਏ ਨੁਕਸਾਨ ਦੀ ਸਹੀ ਰਿਪੋਰਟ ਨਹੀਂ ਮਿਲੀ ਹੈ। ਜਲ ਸਰੋਤ ਵਿਭਾਗ ਤੇ ਸਿੰਚਾਈ ਵਿਭਾਗ ਨੇ ਆਪੋ-ਆਪਣੇ ਪੱਧਰ ’ਤੇ ਸਰਕਾਰ ਨੂੰ ਨੁਕਸਾਨ ਦੇ ਅੰਕੜੇ ਸੌਂਪ ਦਿੱਤੇ ਹਨ ਪਰ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਦੀ ਜਾਇਦਾਦ, ਖੇਤਾਂ ਵਿੱਚ ਖੜ੍ਹੀਆਂ ਫਸਲਾਂ ਆਦਿ ਦੇ ਹੋਏ ਨੁਕਸਾਨ ਦੀ ਰਿਪੋਰਟ ਅਜੇ ਤੱਕ ਤਿਆਰ ਨਹੀਂ ਕੀਤੀ ਗਈ।


ਰਾਜ ਦੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦਾ ਕਹਿਣਾ ਹੈ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਤੋਂ ਪੂਰੀ ਤਰ੍ਹਾਂ ਨੁਕਸਾਨ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਅਗਲੇ ਕੁਝ ਦਿਨਾਂ ਵਿੱਚ ਰਾਜ ਨੂੰ ਹੜ੍ਹ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕੇਂਦਰ ਤੋਂ ਰਾਹਤ ਪੈਕੇਜ ਦੀ ਮੰਗ ਕਰੇਗੀ ਤੇ ਸੂਬੇ ਦੇ ਹਰ ਪ੍ਰਭਾਵਿਤ ਵਿਅਕਤੀ ਨੂੰ ਮੁਆਵਜ਼ਾ ਦੇਵੇਗੀ।


ਇਹ ਵੀ ਪੜ੍ਹੋ: ਆਨੰਦ ਕਾਰਜ ਐਕਟ ਨੂੰ ਲੈ ਕੇ ਮੀਟਿੰਗ ਮੁਲਤਵੀ, ਦਾਦੂਵਾਲ ਦੀ ਸੀਐਮ ਭਗਵੰਤ ਮਾਨ ਦਿੱਤੀ ਇਸ ਸਲਾਹ ਕਰਕੇ ਨਹੀਂ ਹੋ ਸਕੀ ਬੈਠਕ !