Punjab Depot Holders: ਡਿੱਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ‘ਤੇ ਵਿਚਾਰ : ਲਾਲ ਚੰਦ ਕਟਾਰੂਚੱਕ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀਮੰਤਰੀ ਵੱਲੋਂ ਪਾਰਦਰਸ਼ਿਤਾ ‘ਤੇ ਜ਼ੋਰ, ਕਿਹਾ – ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ
ਚੰਡੀਗੜ੍ਹ: ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ਼ੁੱਕਰਵਾਰ ਨੂੰ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ।
ਸੂਬੇ ਭਰ ਦੇ ਡਿੱਪੂ ਹੋਲਡਰਾਂ ਨਾਲ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿੱਪੂ ਹੋਲਡਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਹਿੱਸੇ ਵਜੋਂ ਸਰਕਾਰ ਦੀ ਇਹ ਵੀ ਭਰਪੂਰ ਕੋਸ਼ਿਸ਼ ਹੈ ਕਿ ਡਿੱਪੂ ਹੋਲਡਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਨ੍ਹਾਂ ਨੂੰ ਆਪਣੇ ਡਿੱਪੂਆਂ 'ਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਮਾਰਕਫੈੱਡ ਦੇ ਇੱਕ ਮਸ਼ਹੂਰ ਅਦਾਰਾ ਹੋਣ ਕਾਰਣ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਹੈ ਜਿਸ ਨਾਲ ਇਹਨਾਂ ਉਤਪਾਦਾਂ ਨੂੰ ਵੇਚ ਕੇ ਡਿੱਪੂ ਹੋਲਡਰ ਵੀ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ।
ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਡਿੱਪੂ ਹੋਲਡਰਾਂ ਵੱਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਣ ਕਰਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ ਉਹਨਾਂ ਦੇ ਧਿਆਨ ਵਿੱਚ ਹਨ, ਜਿਹਨਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਮੰਤਰੀ ਨੇ ਸਪਸ਼ੱਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇੱਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ।
ਇਹ ਵੀ ਪੜ੍ਹੋ: Punjab News: ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ