Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਮੰਗਲਵਾਰ ਨੂੰ ਮੋਹਾਲੀ 'ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ ਹਨ। ਚੰਨੀ ਅੱਜ ਸਵੇਰੇ ਕਰੀਬ ਸਾਢੇ 10 ਵਜੇ ਮੁਹਾਲੀ ਸਥਿਤ ਵਿਜੀਲੈਂਸ ਭਵਨ ਪਹੁੰਚ ਗਏ ਸਨ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਚਰਨਜੀਤ ਸਿੰਘ ਚੰਨੀ ਨੂੰ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਤਫ਼ਤੀਸ਼ ਵਿਚ ਸ਼ਾਮਲ ਹੋਣ ਲਈ 13 ਜੂਨ ਨੂੰ ਮੁੜ ਸੱਦਿਆ ਸੀ।
ਬਿਊਰੋ ਚੰਨੀ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਪਹਿਲਾਂ ਅਪ੍ਰੈਲ 'ਚ ਚੰਨੀ ਨੂੰ ਇਸ ਮਾਮਲੇ 'ਚ ਬਿਊਰੋ ਨੇ ਤਲਬ ਕੀਤਾ ਸੀ ਅਤੇ ਪੁੱਛਗਿੱਛ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਬਿਊਰੋ ਚੰਨੀ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਦੀ ਕਥਿਤ ਤੌਰ 'ਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਲੁੱਕਆਊਟ ਸਰਕੂਲਰ ਹੋਇਆ ਸੀ ਜਾਰੀ
ਮੰਨਿਆ ਜਾ ਰਿਹਾ ਹੈ ਕਿ ਬਿਊਰੋ ਨੇ ਚੰਨੀ ਦੀ ਜਾਇਦਾਦ ਬਾਰੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਦੀ ਤੁਲਨਾ ਕਾਂਗਰਸੀ ਆਗੂ ਵੱਲੋਂ ਪੇਸ਼ ਕੀਤੀ ਜਾਣ ਵਾਲੀ ਜਾਇਦਾਦ ਦੇ ਵੇਰਵਿਆਂ ਨਾਲ ਕੀਤੀ ਜਾਵੇਗੀ। ਬਿਊਰੋ ਨੇ ਮਾਰਚ ਵਿੱਚ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ‘ਲੁੱਕਆਊਟ ਸਰਕੂਲਰ’ ਜਾਰੀ ਕੀਤਾ ਸੀ। ਜਦੋਂ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਕਿ ਚੰਨੀ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਹੈ ਤਾਂ 7 ਮਾਰਚ ਨੂੰ ਉਸ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਚੰਨੀ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਵਿਜੀਲੈਂਸ ਬਿਊਰੋ ਦੀ ਜਾਂਚ ਨੂੰ ਪੂਰੀ ਤਰ੍ਹਾਂ ਨਾਲ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ 'ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ। ਚੰਨੀ ਨੇ ਮੁੱਖ ਮੰਤਰੀ ਮਾਨ 'ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।