ਸ਼ੰਕਰ ਦਾਸ ਦੀ ਰਿਪੋਰਟ



ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਅਚਾਨਕ ਗਾਇਬ ਹੋ ਗਏ ਸਨ। ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀ ਸੂਬੇ 'ਚ ਉਨ੍ਹਾਂ ਦੀ ਗੈਰ-ਹਾਜ਼ਰੀ 'ਤੇ ਲਗਾਤਾਰ ਸਵਾਲ ਉਠਾ ਰਹੇ ਸਨ ਪਰ ਚੰਨੀ ਇਸ ਵੇਲੇ ਅਮਰੀਕਾ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਚੰਨੀ ਅਮਰੀਕਾ ਵਿਚ ਫੋਟੋ ਫੋਬੀਆ ਬਿਮਾਰੀ ਦਾ ਇਲਾਜ ਕਰਵਾ ਰਹੇ ਹਨ। ਇਸ ਦਾ ਦਾਅਵਾ ਖੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ।

ਦਰਅਸਲ 'ਚ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਤੇ ਕਿਵੇਂ ਲਏ ਗਏ ਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ।

ਇਸ ਤੋਂ ਬਾਅਦ ਵਿਦੇਸ਼ ਗਏ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ ਅਤੇ ਕਿਹਾ ਕਿ ਮੈਂ ਸਿਰਫ਼ ਇਕ ਫੋਨ ਦੀ ਦੂਰੀ 'ਤੇ ਹਾਂ ਮੈਂ ਗਾਇਬ ਨਹੀਂ। ਚੰਨੀ ਨੇ ਦਾਅਵਾ ਠੋਕਿਆ ਕਿ ਉਨ੍ਹਾਂ ਦਾ ਫੋਨ 24 ਘੰਟੇ ਚਾਲੂ ਰਹਿੰਦਾ ਹੈ। ਪੰਜਾਬ ਸਰਕਾਰ ਕਦੇ ਵੀ ਉਨ੍ਹਾਂ ਨਾਲ ਸੰਪਰਕ ਕਰ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਤੇ ਨਾ ਹੀ ਕਿਸੇ ਕਿਸਮ ਦਾ ਕੋਈ ਜਵਾਬ ਮੰਗਿਆ ਗਿਆ ਹੈ।

ਦਰਅਸਲ 'ਚ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਫੋਟੋ ਫੋਬੀਆ ਨਾਮੀ ਬਿਮਾਰੀ ਹੈ ਜਿਸ ਵਿਚ ਵਿਅਕਤੀ ਨੂੰ ਰੌਸ਼ਨੀ ਤੋਂ ਸੰਵੇਦਨਾ ਹੁੰਦੀ ਹੈ। ਇਸ ਬਿਮਾਰੀ ਨਾਲ ਪੀੜਤ ਵਿਅਕਤੀ ਥੋੜੀ ਜਿਹੀ ਵੀ ਰੌਸ਼ਨੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਉਸ ਨੂੰ ਇਸ ਬੀਮਾਰੀ ਲਈ ਦਵਾਈਆਂ ਦਿੱਤੀਆਂ ਹਨ ਅਤੇ ਉਹ ਕਾਫੀ ਠੀਕ ਹੋ ਗਿਆ ਹੈ। ਇਸ ਤੋਂ ਇਲਾਵਾ ਉਹ ਆਪਣੀ ਪੀਐਚਡੀ ਲਈ ਥੀਸਿਸ ਵੀ ਪੂਰਾ ਕਰ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਠੀਕ ਹੋ ਕੇ ਭਾਰਤ ਪਰਤਣਗੇ।  
 
ਇਸ ਦੇ ਇਲਾਵਾ ਭਗਵੰਤ ਮਾਨ ਨੇ ਕਿਹਾ ਸੀ ਕਿ ਕੀ ਉਹ ਇਸ ਲਈ ਮੁੱਖ ਮੰਤਰੀ ਬਣੇ ਸੀ ਕਿ 111 ਦਿਨ ਸੱਤਾ ’ਚ ਰਹਿ ਕੇ ਤੇ ਫਿਰ ਬਾਅਦ ’ਚ ਭੱਜ ਜਾਓ। ਇਸ ਦਾ ਮਤਲਬ ਇਹ ਹੈ ਕਿ ਚੰਨੀ ਆਪਣੇ ਆਪ ਨੂੰ ਦੋਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਬਕਾ ਮੁੱਖ ਮੰਤਰੀ ਇੱਥੇ ਰਹਿੰਦੇ ਹਨ ਪਰ ਜਦੋਂ ਕੋਈ ਭੱਜਦਾ ਹੈ ਤਾਂ ਉਸ ਦਾ ਮਤਲਬ ਇਹ ਹੁੰਦਾ ਹੈ ਕਿ ਉਸ ਨੇ ਕੁਝ ਗ਼ਲਤ ਕੀਤਾ ਹੈ।

ਮਾਨ ਨੇ ਕਿਹਾ ਕਿ ਇਹ ਉਦੋਂ ਤੱਕ ਹੀ ਇਮਾਨਦਾਰ ਹਨ , ਜਦੋਂ ਤੱਕ ਮੌਕਾ ਨਹੀਂ ਮਿਲਦਾ। ਜਿਸ ਦੇ ਜਵਾਬ ਵਿੱਚ ਚੰਨੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ, ਜੇਕਰ ਉਹ ਚਾਹੁਣ ਤਾਂ ਮੈਨੂੰ ਫ਼ੋਨ ਕਰਕੇ ਪਿਛਲੀ ਸਰਕਾਰ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈ ਸਕਦੇ ਹਨ।