ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ ਹੈ। ਉਹ ਹੁਣ ਪਹਿਲਾਂ ਨਾਲੋਂ ਤੰਦਰੁਸਤ ਹਨ। 94 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਕਿਹਾ ਹੈ ਕਿ ਸਿਹਤ ਵਿੱਚ ਕਾਫੀ ਸੁਧਾਰ ਹੈ।


ਬਾਦਲ ਨੂੰ ਪਿਛਲੇ ਦਿਨੀਂ ਦੇਰ ਰਾਤ ਉਲਟੀਆਂ ਆਉਣ ਕਾਰਨ ਅਚਾਨਕ ਸਿਹਤ ਵਿਗੜਨ ਮਗਰੋਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜ਼ਹਿਰਬਾਦ ਕਰਕੇ ਉਲਟੀਆਂ ਲੱਗਣ ਕਾਰਨ ਉਨ੍ਹਾਂ ਦੀ ਥੋੜ੍ਹੀ ਸਿਹਤ ਵਿਗੜ ਗਈ ਸੀ, ਪਰ ਹੁਣ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ ਤੇ ਲਗਾਤਾਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

 
ਇਸ ਦੌਰਾਨ ਸੋਸ਼ਲ ਮੀਡੀਆ ’ਤੇ ਸਾਬਕਾ ਮੁੱਖ ਮੰਤਰੀ ਦੇ ਅਕਾਲ ਚਲਾਣਾ ਕਰ ਜਾਣ ਸਬੰਧੀ ਸੁਨੇਹਾ ਪੋਸਟ ਕੀਤੇ ਜਾਣ ਮਗਰੋਂ ਫੋਰਟਿਸ ਹਸਪਤਾਲ ਨੇ ਟਵੀਟ ਕਰਕੇ ਸਾਰੀ ਸਥਿਤੀ ਸਪਸ਼ਟ ਕੀਤੀ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਵੀ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ ਲਈ ਕਿਹਾ। ਡਾਕਟਰਾਂ ਅਨੁਸਾਰ ਬਾਦਲ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਆਇਆ ਹੈ।

 

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਬਾਦਲ ਦੀ ਫੋਟੋ ਵਾਲੀ ਪੋਸਟ ਅਪਲੋਡ ਕਰਕੇ ਦੱਸਿਆ ਕਿ ਉਹ ਬਿਲਕੁਲ ਠੀਕ ਹਨ ਅਤੇ ਘਬਰਾਉਣ ਵਾਲੀ ਕੋਈ ਗੱਲ ਨਹੀਂ। ਉਨ੍ਹਾਂ ਝੂਠੀਆਂ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ਼ ਕਰਨ ਲਈ ਵੀ ਲਿਖਿਆ ਸੀ। 

ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਫੋਰਟਿਸ ਹਸਪਤਾਲ ਪਹੁੰਚ ਕੇ ਬਾਦਲ ਦੀ ਖ਼ਬਰ-ਸਾਰ ਲਈ ਸੀ। ਉਨ੍ਹਾਂ ਇਲਾਜ ਕਰ ਰਹੇ ਡਾਕਟਰਾਂ ਤੇ ਸਟਾਫ਼ ਨਾਲ ਵੀ ਗੱਲਬਾਤ ਕੀਤੀ ਸੀ। ਖੱਟਰ ਕਾਫ਼ੀ ਸਮਾਂ ਫੋਰਟਿਸ ਹਸਪਤਾਲ ਵਿੱਚ ਰੁਕੇ ਤੇ ਦੋਵਾਂ ਆਗੂਆਂ ਨੇ ਮੌਜੂਦਾ ਹਾਲਾਤ ਬਾਰੇ ਵੀ ਹਲਕੀ ਫੁਲਕੀ ਚਰਚਾ ਕੀਤੀ।