ਚੰਡੀਗੜ੍ਹ: 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ 'ਚ ਮੁਹਾਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਜ਼ਿਲ੍ਹਾ ਅਦਾਲਤ 'ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। 500 ਪੰਨਿਆਂ ਦੀ ਇਸ ਚਾਰਜਸ਼ੀਟ 'ਚ 47 ਲੋਕਾਂ ਨੂੰ ਗਵਾਹ ਬਣਾਇਆ ਗਿਆ ਹੈ। ਸੈਣੀ ਖਿਲਾਫ IPC ਦੀ ਧਾਰਾ 302, 364, 201, 344, 330, 219 ਤੇ 120 ਤਹਿਤ ਚਾਰਜਸ਼ੀਟ ਦਾਖਲ ਕੀਤੀ ਗਈ ਹੈ।

ਉਧਰ, ਇਸ ਮਾਮਲੇ 'ਚ ਚੰਡੀਗੜ੍ਹ ਦੇ ਸਾਬਕਾ ਥਾਣੇਦਾਰ ਇੰਸਪੈਕਟਰ ਜਾਗੀਰ ਸਿੰਘ ਤੇ ਥਾਣੇਦਾਰ ਕੁਲਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਡੀਜੀਪੀ ਨੂੰ 22 ਜਨਵਰੀ ਨੂੰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ।

ਦੱਸ ਦਈਏ ਕਿ ਸੁਮੇਧ ਸੈਣੀ ਖਿਲਾਫ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਕੇਸ ਚੱਲ ਰਿਹਾ ਹੈ।

ਹਾਸਲ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੈਣੀ ਨਾ ਤਾਂ ਅਜੇ ਇਸ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਇਆ ਹੈ ਤੇ ਨਾ ਹੀ ਉਸ ਨੇ ਅਦਾਲਤ ਵਿਚ ਬਾਂਡ ਭਰਿਆ ਹੈ। ਕਾਨੂੰਨੀ ਮਾਹਰਾਂ ਅਨੁਸਾਰ, ਜ਼ਮਾਨਤ ਬਾਂਡ ਚਾਰਜਸ਼ੀਟ ਦਾਖਲ ਕਰਨ ਤੋਂ ਬਾਅਦ ਕਿਸੇ ਵੀ ਸਮੇਂ ਭਰੇ ਜਾ ਸਕਦਾ ਹੈ।