ਸਾਬਕਾ ਮੰਤਰੀ ਤੇ ਸਪੀਕਰ ਸਰਵਣ ਫਿਲੌਰ ਨੇ ਛੱਡੀ ਕਾਂਗਰਸ, ਢੀਂਡਸਾ ਨਾਲ ਮਿਲਾਇਆ ਹੱਥ
ਕੈਪਟਨ ਅਮਰਿੰਦਰ ਸਿੰਘ ਨੇ ਮੈਨੂੰ ਕਾਂਗਰਸ 'ਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਮੈਂ ਕਿਹਾ ਸੀ ਕਿ ਮੈਂ ਬਾਹਰੋਂ ਹਮਾਇਤ ਕਰਾਂਗਾ ਪਰ ਕੈਪਟਨ ਨੇ ਮੈਨੂੰ ਕਾਂਗਰਸ 'ਚ ਸ਼ਾਮਲ ਕਰ ਲਿਆ। ਕਾਂਗਰਸ 'ਚ ਸਾਰੇ ਲੋਕ ਆਪਣੇ ਕੰਮ 'ਚ ਲੱਗੇ ਹੋਏ ਹਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ।
ਇਸ ਮੌਕੇ ਫਿਲੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਨਹੀਂ ਸਗੋਂ ਪਰਿਵਾਰਿਕ ਪਾਰਟੀ ਬਣ ਗਈ ਹੈ ਤੇ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਇਸੇ ਲਈ ਮੈਂ ਉਸ ਸਮੇਂ ਅਕਾਲੀ ਦਲ ਛੱਡਿਆ ਕਿਉਂਕਿ ਅਕਾਲੀ ਦਲ ਵੱਲੋਂ ਇਤਿਹਾਸ ਵਿਸਾਰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੈਨੂੰ ਕਾਂਗਰਸ 'ਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਮੈਂ ਕਿਹਾ ਸੀ ਕਿ ਮੈਂ ਬਾਹਰੋਂ ਹਮਾਇਤ ਕਰਾਂਗਾ ਪਰ ਕੈਪਟਨ ਨੇ ਮੈਨੂੰ ਕਾਂਗਰਸ 'ਚ ਸ਼ਾਮਲ ਕਰ ਲਿਆ। ਕਾਂਗਰਸ 'ਚ ਸਾਰੇ ਲੋਕ ਆਪਣੇ ਕੰਮ 'ਚ ਲੱਗੇ ਹੋਏ ਹਨ, ਸੂਬੇ ਬਾਰੇ ਨਹੀਂ ਸੋਚ ਰਹੇ। ਇਸੇ ਲਈ ਅੱਜ ਮੈਂ ਕਾਂਗਰਸ ਪਾਰਟੀ ਛੱਡ ਰਿਹਾ ਹਾਂ।
ਦੱਸ ਦਈਏ ਕਿ ਨਸ਼ਿਆਂ ਦੇ ਮਾਮਲੇ ਵਿੱਚ ਨਾਂ ਆਉਣ ਤੋਂ ਬਾਅਦ ਕੁਝ ਸਮਾਂ ਪਹਿਲਾਂ ਸਰਵਣ ਸਿੰਘ ਫਿਲੌਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਹ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੜ ਆਪਣੇ ਪੁਰਾਣੇ ਸਾਥੀ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ ਹਨ।
ਇਹ ਐਲਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸਕੱਤਰ ਜਨਰਲ ਰਣਜੀਤ ਸਿੰਘ ਤਲਵੰਡੀ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਦੇ ਪੁੱਤਰ ਦਮਨਜੀਤ ਸਿੰਘ ਤੇ ਹੋਰ ਸਮਰਥਕ ਵੀ ਹਾਜ਼ਰ ਸਨ।
ਢੀਂਡਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਫਿਲੌਰ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਢੀਂਡਸਾ ਨੇ ਕਿਹਾ ਕਿ ਫਿਲੌਰ ਦੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਯੁਕਤ ਦਲ ਵਧੇਰੇ ਮਜ਼ਬੂਤ ਹੋਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904