ਸਾਬਕਾ MP ਜਗਮੀਤ ਬਰਾੜ ਨੂੰ ਅਕਾਲੀ ਦਲ ਨੇ ਦਿੱਤੀ ਮੋਹਲਤ, ਹੁਣ 10 ਦਸੰਬਰ ਨੂੰ ਹੋਣਗੇ ਪੇਸ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ।
ਰਜਨੀਸ਼ ਕੌਰ ਦੀ ਰਿਪੋਰਟ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਫੋਨ ਕਰਕੇ ਮੀਟਿੰਗ ਦਾ ਸਮਾਂ ਵਧਾਉਣ ਦੀ ਬੇਨਤੀ ਕੀਤੀ। ਇਸ 'ਤੇ ਉਨ੍ਹਾਂ ਨੂੰ 6 ਦਸੰਬਰ ਦੀ ਬਜਾਏ 10 ਦਸੰਬਰ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਉਨ੍ਹਾਂ 'ਤੇ ਲਾਏ ਗਏ ਝੂਠੇ ਬਿਆਨਾਂ ਦੇ ਦੋਸ਼ਾਂ 'ਤੇ ਆਪਣਾ ਪੱਖ ਰੱਖਣਾ ਹੋਵੇਗਾ।
On the personal request of S Jagmeet Singh to S Sikandar S Maluka, Chairman disciplinary committee, the committee has rescheduled its meeting from Dec 6 to Dec 10 at 1 PM at party head office in Chandigarh to enable him to appear before the committee & explain his point of view. pic.twitter.com/1ibB2YGa7M
— Dr Daljit S Cheema (@drcheemasad) December 5, 2022
ਬੀਬੀ ਜਗੀਰ ਕੌਰ ਸਣੇ 12 ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ 'ਚ ਕੀਤਾ ਸ਼ਾਮਲ
ਜਗਮੀਤ ਸਿੰਘ ਬਰਾੜ ਨੇ ਬੀਤੇ ਵੀਰਵਾਰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇੱਕ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਸਮੇਤ 12 ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿੱਚ ਸ਼ਾਮਲ ਕੀਤਾ ਸੀ। ਇਸ ਦੇ ਨਾਲ ਹੀ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜੇ ਲੋੜ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਬਰਾੜ ਨੇ ਬੀਬੀ ਜਗੀਰ ਕੌਰ 'ਤੇ ਕੀਤੀ ਕਾਰਵਾਈ ਨੂੰ ਵੀ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਉਨ੍ਹਾਂ ਨੂੰ ਪਾਰਟੀ ਵੱਲੋਂ ਦਿੱਤੇ ਨੋਟਿਸ ਦਾ ਜਵਾਬ ਦੇਣ ਲਈ ਵੀ ਕਿਹਾ ਗਿਆ ਹੈ।