Punjab News: ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪਿੰਡਾਂ ਵਿੱਚ ਦਲ-ਬਦਲੀ ਦੀ ਖੇਡ ਸ਼ੁਰੂ ਹੋ ਗਈ ਹੈ।
'ਆਪ' ਪੰਜਾਬ ਦੇ ਟਵੀਟ ਅਕਾਊਂਟ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਤੇ ਲਿਖਿਆ ਗਿਆ ਹੈ ਕਿ ਸਾਬਕਾ ਸਰਪੰਚ ਤੇ ਪਿੰਡ ਦੁੱਗਰੀ ਰਾਜਪੂਤਾ ਦੇ ਸਰਪੰਚ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਅਸੀਂ ਮਿਲ ਕੇ 'ਰੰਗਲਾ ਪੰਜਾਬ' ਬਣਾਵਾਂਗੇ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੀ ਸਿਆਸੀ ਪਾਰਟੀਆਂ 'ਚ ਖਲਬਲੀ ਮਚ ਗਈ। ਕਈ ਨੇਤਾਵਾਂ ਨੇ ਪਲਟੀਆਂ ਮਾਰੀਆਂ ਸਨ। ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ਵੀ ਭਗਵੰਤ ਮਾਨ ਸਰਕਾਰ ਦਾ ਫਾਇਦਾ ਹੋਇਆ। ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਅਤੇ ਉਨ੍ਹਾਂ ਨੇ ਵੱਡੀ ਜਿੱਤ ਦਰਜ ਕੀਤੀ।
ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਅਜਿਹੀਆਂ ਹਨ ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ। ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪੰਚਾਇਤਾਂ ਲਈ ਪ੍ਰਬੰਧਕ ਨਿਯੁਕਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਜੋ ਪੰਚਾਇਤਾਂ ਦੇ ਚਾਰਜ ਸੰਭਾਲਣ ਤੱਕ ਪੰਚਾਇਤਾਂ ਦੇ ਸਾਰੇ ਕੰਮਕਾਜ ਅਤੇ ਸ਼ਕਤੀਆਂ ਦੀ ਵਰਤੋਂ ਕਰ ਸਕਣਗੇ।
ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੀ ਮਿਤੀ ਨਿਸ਼ਚਿਤ ਕਰ ਦਿੱਤੀ ਗਈ ਹੈ ਜਿਸ ਅਨੁਸਾਰ ਪੰਚਾਇਤ ਸੰਮਤੀਆਂ ਦੀਆਂ ਚੋਣਾਂ 25 ਨਵੰਬਰ ਨੂੰ ਹੋਣਗੀਆਂ ਜਦਕਿ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋਣਗੀਆਂ।