Sexual Harassment Case: ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਕੋਰਟ ਵੱਲੋਂ ਝਟਕਾ, ਨਹੀਂ ਮਿਲੀ ਜ਼ਮਾਨਤ, ਕੱਲ੍ਹ ਮੁੜ ਹੋਵੇਗੀ ਸੁਣਵਾਈ
Sexual Harassment Case: ਸਾਬਕਾ ਮੰਤਰੀ ਸੰਦੀਪ ਸਿੰਘ ਵੱਲੋਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਕਾਰਨ ਅੱਜ ਪੇਸ਼ੀ ਦੌਰਾਨ ਉਹਨਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ। ਹੁਣ ਅਦਾਲਤ ਨੇ ਭਲਕੇ ਸੁਣਵਾਈ ਲਈ ਸਮਾਂ ਦਿੱਤਾ ਹੈ।
Sexual Harassment Case : ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜੂਨੀਅਰ ਮਹਿਲਾ ਕੋਚ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਜੇਲ੍ਹ ਜਾਣ ਤੋਂ ਬਚਣ ਲਈ ਮੰਤਰੀ ਸੰਦੀਪ ਸਿੰਘ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਅੱਜ ਸੁਣਵਾਈ ਹੋਈ। ਪਰ ਸੰਦੀਪ ਸਿੰਘ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਮੁਹੱਈਆ ਨਹੀਂ ਕਰਵਾਈ ਗਈ ਸੀ ਅਤੇ ਸ਼ਿਕਾਇਤਕਰਤਾ ਨੇ ਇਸ ਨੂੰ ਪ੍ਰਾਪਤ ਕਰਨ ਲਈ ਅਦਾਲਤ ਦੇ ਸਾਹਮਣੇ ਇੱਕ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਅੱਜ ਕਾਪੀ ਦਿੱਤੀ ਗਈ ਹੈ। ਹੁਣ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ ਕੱਲ੍ਹ ਦੀ ਤਰੀਕ ਤੈਅ ਕੀਤੀ ਹੈ। ਭਲਕੇ ਮੰਤਰੀ ਸੰਦੀਪ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜੂਨੀਅਰ ਮਹਿਲਾ ਕੋਚ ਵੱਲੋਂ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪਹਿਲਾਂ ਹੀ ਸੀਜੇਐੱਮ ਅਦਾਲਤ 'ਚ ਚਲਾਨ ਪੇਸ਼ ਕਰ ਚੁੱਕੀ ਹੈ। ਜਿਸ ਵਿੱਚ ਸੰਦੀਪ ਸਿੰਘ ਨੂੰ ਧਾਰਾ 342, 354, 354ਏ, 354ਬੀ, 506 ਅਤੇ 509 ਤਹਿਤ ਮੁਲਜ਼ਮ ਬਣਾਇਆ ਗਿਆ ਸੀ। ਕਰੀਬ 8 ਮਹੀਨੇ ਬਾਅਦ 25 ਅਗਸਤ ਨੂੰ ਇਸ ਮਾਮਲੇ ਦੀ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ਦੀ ਸੁਣਵਾਈ 16 ਸਤੰਬਰ ਨੂੰ ਹੋਣੀ ਹੈ। ਇਸੇ ਮਾਮਲੇ ਨੂੰ ਲੈ ਕੇ ਅਦਾਲਤ ਵੱਲੋਂ ਪਹਿਲਾਂ ਹੀ ਮੰਤਰੀ ਸੰਦੀਪ ਸਿੰਘ ਨੂੰ ਨੋਟਿਸ ਭੇਜਿਆ ਜਾ ਚੁੱਕਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਜੂਨੀਅਰ ਮਹਿਲਾ ਕੋਚ ਨੇ 26 ਦਸੰਬਰ 2022 ਨੂੰ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਇਸ ਮਾਮਲੇ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਤੋਂ ਬਾਅਦ 31 ਦਸੰਬਰ ਨੂੰ ਮੰਤਰੀ ਸੰਦੀਪ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਡੀਐਸਪੀ ਈਸਟ ਪਲਕ ਗੋਇਲ ਨੇ ਵੀ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਿਸ ਵਿੱਚ ਮਹਿਲਾ ਥਾਣਾ ਇੰਚਾਰਜ ਇੰਸਪੈਕਟਰ ਊਸ਼ਾ, ਸਾਈਬਰ ਥਾਣਾ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਅਤੇ ਮਹਿਲਾ ਥਾਣਾ ਦੇ ਐਸ.ਆਈ.ਕਿਰੰਤ ਇਸ ਟੀਮ ਵਿੱਚ ਸ਼ਾਮਲ ਸਨ। ਮਾਮਲੇ ਦੀ ਜਾਂਚ ਤੋਂ ਬਾਅਦ ਐਸਆਈਟੀ ਨੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਧਾਰਾ 509 ਵੀ ਜੋੜ ਦਿੱਤੀ ਸੀ।