ਅੰਮ੍ਰਿਤਸਰ: ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਿੱਚ ਹੋਏ 80 ਕਰੋੜ ਦੇ ਘਪਲੇ ਵਿੱਚ ਸ਼ਾਮਲ ਅਧਿਕਾਰੀ ਹਾਲੇ ਤੱਕ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹਨ। ਪੁਲਿਸ ਵੱਲੋਂ ਇਨ੍ਹਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ> ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਇਹ ਘੁਟਾਲਾ ਬੇਨਕਾਬ ਕੀਤਾ ਸੀ।
80 ਕਰੋੜ ਦੇ ਘਪਲੇ ਵਿੱਚ ਸ਼ਾਮਲ ਸਾਰੇ ਮੁਲਾਜ਼ਮ, ਜਿਨ੍ਹਾਂ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਕਰਨ ਮਗਰੋਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਕੀਤੀ ਜਾ ਸਕੀ ਕਿਉਂਕਿ ਇਹ ਸਾਰੇ ਦੇ ਸਾਰੇ ਮੁਲਜ਼ਮ ਆਪਣੇ ਘਰਾਂ ਨੂੰ ਤਾਲੇ ਲਾ ਕੇ ਫਰਾਰ ਹੋ ਗਏ ਹਨ। ਸਿਰਫ ਮੁਲਜ਼ਮ ਹੀ ਨਹੀਂ ਬਲਕਿ ਉਨ੍ਹਾਂ ਦੇ ਕਈ ਰਿਸ਼ਤੇਦਾਰ ਵੀ ਆਪਣੇ ਘਰਾਂ ਨੂੰ ਤਾਲੇ ਲਾ ਕੇ ਗਾਇਬ ਹੋ ਗਏ ਹਨ ਕਿਉਂਕਿ ਇਸ ਘਪਲੇ ਵਿੱਚ ਅਧਿਆਕਰੀਆਂ ਨੇ ਆਪਣੇ ਰਿਸ਼ਤੇਦਾਰਾਂ ਦੇ ਨਾਮ 'ਤੇ ਵੀ ਕਈ ਚੈੱਕ ਜਾਰੀ ਕੀਤੇ ਸਨ।
ਪੁਲਿਸ ਵੱਲੋਂ ਕੱਲ੍ਹ ਵੀ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਥਾਈਂ ਰੇਡ ਕੀਤੀ ਗਈ ਪਰ ਪੁਲਿਸ ਨੂੰ ਖਾਲੀ ਹੱਥ ਹੀ ਪਰਤਣਾ ਪਿਆ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਦਮਨ ਭੱਲਾ ਤੇ ਟਰੱਸਟ ਦੇ ਸੀ.ਏ. ਦੀ ਭਾਲ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ ਕਿਉਂਕਿ ਇਸ ਸਾਰੇ ਘਪਲੇ ਵਿੱਚ ਸਭ ਤੋਂ ਵੱਡੀ ਭੂਮਿਕਾ ਇਨ੍ਹਾਂ ਦੋਹਾਂ ਦੀ ਹੀ ਹੈ। ਪੁਲਿਸ ਵੱਲੋਂ ਭੱਲਾ ਤੇ ਸੀ.ਏ. ਸੰਜੇ ਕਪੂਰ ਦੇ ਘਰ ਤੋਂ ਇਲਾਵਾ ਉਨ੍ਹਾਂ ਦੋਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ 'ਤੇ ਵੀ ਦਾਬਿਸ਼ ਦਿੱਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਨ੍ਹਾਂ ਦੋਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ ਜਿਸ ਤੋਂ ਬਾਅਦ ਇਸ ਸਾਰੇ ਘੁਟਾਲੇ ਵਿੱਚ ਕਈ ਹੋਰ ਖੁਲਾਸੇ ਵੀ ਹੋ ਸਕਦੇ ਹਨ।