ਰਾਸ਼ਟਰੀ ਰਾਜਧਾਨੀ ਤੋਂ ਕਟੜਾ ਤੱਕ ਬਣ ਰਹੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ 'ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਇਸ ਐਕਸਪ੍ਰੈਸ ਵੇਅ ਸਮੇਤ ਪੰਜਾਬ ਵਿੱਚ NHAI ਦੇ 8 ਪ੍ਰੋਜੈਕਟਾਂ ਦੇ ਨਿਰਮਾਣ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਗਡਕਰੀ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾ ਸੁਧਰੀ ਅਤੇ ਜ਼ਮੀਨ ਐਕਵਾਇਰ ਨਾਲ ਸਬੰਧਤ ਮਸਲੇ ਹੱਲ ਨਾ ਹੋਏ ਤਾਂ ਪ੍ਰਾਜੈਕਟਾਂ ’ਤੇ ਕੰਮ ਰੋਕ ਦਿੱਤਾ ਜਾਵੇਗਾ।
ਦਰਅਸਲ, ਦਿੱਲੀ-ਅੰਮ੍ਰਿਤਸਰ-ਕਟੜਾ ਸਮੇਤ ਸੂਬੇ 'ਚ ਨਿਰਮਾਣ ਅਧੀਨ ਹੋਰ ਹਾਈਵੇਅ ਪ੍ਰਾਜੈਕਟਾਂ ਨਾਲ ਜੁੜੇ ਅਧਿਕਾਰੀਆਂ ਅਤੇ ਠੇਕੇਦਾਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਸੂਬਾ ਸਰਕਾਰ ਇਨ੍ਹਾਂ ਹਿੰਸਕ ਘਟਨਾਵਾਂ ਨੂੰ ਰੋਕਣ ਵਿੱਚ ਹੁਣ ਤੱਕ ਨਾਕਾਮ ਰਹੀ ਹੈ। NHAI ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ ਪੰਜਾਬ ਵਿੱਚ ਕਈ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ NH ਕੋਰੀਡੋਰ ਵਿਕਸਤ ਕਰ ਰਿਹਾ ਹੈ। ਗਡਕਰੀ ਨੇ ਮਾਨ ਨੂੰ ਲਿਖੇ ਆਪਣੇ ਪੱਤਰ ਨਾਲ ਹਮਲਿਆਂ ਦੀਆਂ ਤਸਵੀਰਾਂ ਵੀ ਨੱਥੀ ਕੀਤੀਆਂ ਹਨ।
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਇੱਕ ਅਭਿਲਾਸ਼ੀ ਪ੍ਰੋਜੈਕਟ
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਸਿੱਧਾ ਫਾਇਦਾ ਦਿੱਲੀ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਜੰਮੂ-ਕਸ਼ਮੀਰ ਰਾਜਾਂ ਨੂੰ ਹੋਵੇਗਾ। ਇਸ 670 ਕਿਲੋਮੀਟਰ ਲੰਬੇ ਐਕਸਪ੍ਰੈਸਵੇਅ ਦੇ ਖੁੱਲ੍ਹਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ 4 ਘੰਟੇ ਵਿੱਚ ਅਤੇ ਮਾਤਾ ਵੈਸ਼ਨੋ ਦੇਵੀ 6 ਘੰਟੇ ਵਿੱਚ ਪਹੁੰਚਿਆ ਜਾ ਸਕੇਗਾ। ਨਵੇਂ ਐਕਸਪ੍ਰੈਸਵੇਅ ਦੇ ਨਿਰਮਾਣ ਨਾਲ ਸ਼੍ਰੀਨਗਰ ਤੱਕ ਪਹੁੰਚਣ ਲਈ ਸਿਰਫ 8 ਘੰਟੇ ਦਾ ਸਮਾਂ ਲੱਗੇਗਾ, ਦਿੱਲੀ ਅਤੇ ਕਟੜਾ ਵਿਚਕਾਰ ਦੀ ਦੂਰੀ 727 ਕਿਲੋਮੀਟਰ ਤੋਂ ਘੱਟ ਕੇ 588 ਕਿਲੋਮੀਟਰ ਰਹਿ ਜਾਵੇਗੀ। ਫਿਲਹਾਲ ਦਿੱਲੀ ਤੋਂ ਕਟੜਾ ਪਹੁੰਚਣ ਲਈ 14 ਘੰਟੇ ਲੱਗਦੇ ਹਨ।ਦਿੱਲੀ ਤੋਂ ਅਜੇ ਵੀ ਅੰਮ੍ਰਿਤਸਰ ਪਹੁੰਚਣ ਲਈ 8 ਘੰਟੇ ਲੱਗਦੇ ਹਨ।
ਗਡਕਰੀ ਨੇ ਚਿੱਠੀ 'ਚ ਕੀ ਲਿਖਿਆ?
ਨਿਤਿਨ ਗਡਕਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ NHAI ਨੇ ਪੰਜਾਬ ਵਿੱਚ 3,263 ਕਰੋੜ ਰੁਪਏ ਦੇ ਕੁੱਲ 104 ਕਿਲੋਮੀਟਰ ਦੀ ਲੰਬਾਈ ਵਾਲੇ 3 ਪ੍ਰੋਜੈਕਟਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਹੈ, ਤਾਂ NHAI ਕੋਲ 14,288 ਕਰੋੜ ਰੁਪਏ ਦੀ ਲਾਗਤ ਵਾਲੇ 293 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੇ 8 ਪ੍ਰਭਾਵਿਤ ਪ੍ਰੋਜੈਕਟਾਂ ਨੂੰ ਰੱਦ ਕਰਨ ਜਾਂ ਖਤਮ ਕਰਨ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ 'ਤੇ ਹਮਲਿਆਂ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਲਿਖਿਆ ਕਿ ਸ਼ਰਾਰਤੀ ਅਨਸਰਾਂ ਵਿਰੁੱਧ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ ਅਤੇ ਐਨਐਚਏਆਈ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।