Punjab News: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੁਲਿਸ ਨੇ ਅੱਜ ਮੁੜ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। 22 ਜਨਵਰੀ ਨੂੰ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 24 ਜਨਵਰੀ ਤੱਕ ਰਿਮਾਂਡ 'ਤੇ ਭੇਜ ਦਿੱਤਾ ਸੀ।

ਜੱਗੂ ਭਗਵਾਨਪੁਰੀਆ ਨੂੰ 30 ਲੱਖ ਦੀ ਫਿਰੌਤੀ ਦੇ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਥਾਣੇ ਲਿਆਂਦਾ ਗਿਆ। ਹੁਣ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 6 ਫਰਵਰੀ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।

 


 

ਦੱਸਣਯੋਗ ਹੈ ਕਿ 2 ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ 'ਤੇ ਮੁਕਤਸਰ ਲੈ ਕੇ ਆਈ ਸੀ। ਮੁਕਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਭਾਰੀ ਸੁਰੱਖਿਆ ਹੇਠ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 5 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਮਾਣਯੋਗ ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ 2 ਦਿਨ ਦਾ ਰਿਮਾਂਡ ਦਿੱਤਾ ਸੀ। ਸੂਤਰਾਂ ਅਨੁਸਾਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਸਨੀਕ ਤੋਂ ਫਿਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਖੰਨਾ ਪੁਲਿਸ ਵੱਲੋਂ ਬੀਤੇ ਦਿਨੀਂ ਬੱਬਰ ਖ਼ਾਲਸਾ ਨਾਲ ਜੁੜੇ 13 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

 


 

 ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਦੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਿੱਧੇ ਸਿੱਧੇ ਤਾਰ ਜੁੜੇ ਹੋਏ ਹਨ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਸਨ, ਉਹ ਜੱਗੂ ਭਗਵਾਨਪੁਰੀਆ ਨੇ ਹੀ ਸਪਲਾਈ ਕਰਵਾਏ ਸਨ। ਇਹ ਕੰਮ ਉਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਹਿਣ ’ਤੇ ਕੀਤਾ ਸੀ। 

 

ਗੈਂਗਸਟਰ ਨੇ ਇਹ ਹਥਿਆਰ ਆਪਣੇ ਨਜ਼ਦੀਕੀ ਸਾਥੀ ਸੰਦੀਪ ਕਾਹਲੋਂ ਤੇ ਬਲਦੇਵ ਚੌਧਰੀ ਜ਼ਰੀਏ ਸਪਲਾਈ ਕਰਵਾਏ ਸਨ ਅਤੇ ਗੈਂਗਸਟਰ ਮਨੀ ਰੱਈਆ ਤੇ ਸੰਦੀਪ ਤੂਫਾਨ ਨੂੰ ਵੀ ਬਠਿੰਡਾ ਪਹੁੰਚਵਾਉਣ ’ਚ ਪੂਰੀ ਮਦਦ ਕੀਤੀ ਸੀ। ਇਹ ਸਭ ਕੁਝ ਉਸ ਨੇ ਜੇਲ੍ਹ ਦੇ ਅੰਦਰ ਮੈਨੇਜ ਕੀਤਾ ਸੀ। ਇਸ ਗੱਲ ਦਾ ਖੁਲਾਸਾ ਖੁਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਸਾਹਮਣੇ ਕੀਤਾ ਹੈ। ਹਥਿਆਰ ਸਪਲਾਈ ਮਾਮਲੇ ’ਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਸਾਹਮਣੇ ਇਹ ਸਭ ਰਾਜ਼ ਖੋਲ੍ਹੇ।