ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੋਸ਼ ਹੈ ਕਿ ਉਸ ਨੇ ਆਪਣੇ ਰਸੂਖ ਦਾ ਇਸਤੇਮਾਲ ਕਰਕੇ ਛੋਟੇ ਭਰਾ ਨੂੰ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜ ਦਿੱਤਾ ਹੈ। ਸਟੇਟ ਕ੍ਰਾਈਮ ਬ੍ਰਾਂਚ ਨੇ ਮੋਹਾਲੀ 'ਚ ਲਾਰੈਂਸ ਅਤੇ ਉਸ ਦੇ ਭਰਾ ਅਨਮੋਲ ਸਮੇਤ 10 ਲੋਕਾਂ ਖਿਲਾਫ ਧਾਰਾ 384, 466, 467, 468, 471, 120ਬੀ ਅਤੇ ਪਾਸਪੋਰਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।


ਅਦਾਲਤ ਨੇ ਮੁਲਜ਼ਮਾਂ ਨੂੰ 29 ਅਗਸਤ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਮੀਦ ਹੈ ਕਿ ਇਸ ਮਾਮਲੇ ਦੇ ਹੋਰ ਮੁਲਜ਼ਮ ਵੀ ਜਲਦੀ ਫੜੇ ਜਾਣਗੇ। ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ 'ਤੇ ਦੋਸ਼ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਪੁਲਿਸ ਦੀ ਕਾਰਵਾਈ ਤੋਂ ਬਚਾਉਣ ਲਈ ਫਰਜ਼ੀ ਪਾਸਪੋਰਟ 'ਤੇ ਵਿਦੇਸ਼ ਭੇਜਿਆ ਸੀ।

ਪੁਲੀਸ ਸੂਤਰਾਂ ਅਨੁਸਾਰ ਇਸ ਕੇਸ ਵਿੱਚ ਪਾਸਪੋਰਟ ਬਣਾਉਣ ਵਿੱਚ ਮਦਦ ਕਰਨ ਵਾਲੇ ਟਰੈਵਲ ਏਜੰਟ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਨਾਲ ਹੁਣ ਲਾਰੇਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਨੂੰ ਸਖ਼ਤ ਸੁਰੱਖਿਆ ਹੇਠ ਖਰੜ ਸਥਿਤ ਸੀਆਈਏ ਸਟਾਫ਼ ਦੀ ਇਮਾਰਤ ਵਿੱਚ ਰੱਖਿਆ ਗਿਆ ਹੈ। ਜਿੱਥੇ ਸੁਰੱਖਿਆ ਪਹਿਰਾ ਬਹੁਤ ਮਜ਼ਬੂਤ ​​ਹਨ। ਉਥੇ ਜ਼ਿਲ੍ਹਾ ਪੁਲੀਸ ਤੋਂ ਇਲਾਵਾ ਵਿਸ਼ੇਸ਼ ਦਸਤੇ ਤਾਇਨਾਤ ਕੀਤੇ ਗਏ ਸਨ।

ਇਸ ਤੋਂ ਇਲਾਵਾ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਹੈ। ਹਾਲਾਂਕਿ ਸੂਤਰਾਂ ਮੁਤਾਬਕ ਪਾਸਪੋਰਟ ਬਣਾਉਣ 'ਚ ਪੁਲਸ ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ ਕਿਉਂਕਿ ਪੁਲਿਸ ਪਾਸਪੋਰਟ ਦੀ ਵੈਰੀਫਿਕੇਸ਼ਨ ਕਰਦੀ ਹੈ। ਚੇਤੇ ਰਹੇ ਕਿ ਜਦੋਂ ਮਾਨਸਾ ਪੁਲੀਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲਿਆਂਦਾ ਸੀ ਤਾਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਕਰੀਬ 15 ਦਿਨਾਂ ਤੱਕ ਸੀਆਈਏ ਖਰੜ ਵਿੱਚ ਪੁੱਛਗਿੱਛ ਕੀਤੀ ਗਈ ਸੀ। 

 

ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।