ਬਠਿੰਡਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਬਠਿੰਡਾ ਪੁਲੀਸ ਹਵਾਲੇ ਕਰ ਦਿੱਤਾ ਗਿਆ। ਹੁਣ ਬਠਿੰਡਾ ਅਦਾਲਤ ਨੇ ਬਿਸ਼ਨੋਈ ਨੂੰ 12 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।


ਖਰੜ ਸਦਰ ਪੁਲੀਸ ਨੇ 7 ਜੂਨ ਨੂੰ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿਚ ਦੋਸ਼ੀ ਨਿਖਿਲਕਾਂਤ ਸ਼ਰਮਾ ਵਾਸੀ ਪਟਿਆਲਾ ਨੂੰ ਪੁਲਿਸ ਨੇ 32 ਬੋਰ ਦੇ ਦੇਸੀ ਪਿਸਤੌਲ ਸਮੇਤ ਕਾਬੂ ਕੀਤਾ ਹੈ | ਜਦੋਂ ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਤਾਂ ਖੁਲਾਸਾ ਹੋਇਆ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਕੰਮ ਕਰਦਾ ਹੈ।

ਜਾਂਚ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਮਾਮਲੇ 'ਚ ਮੁਲਜ਼ਮ ਬਣਾਇਆ ਗਿਆ ਸੀ ਅਤੇ ਅਸਲਾ ਐਕਟ ਦੇ ਨਾਲ-ਨਾਲ ਨਸ਼ਾ ਤਸਕਰੀ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਗਈਆਂ ਸਨ। ਖਰੜ ਪੁਲੀਸ ਨੇ ਇਸੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਲਾਰੇਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ,ਜੋ ਵੀਰਵਾਰ ਨੂੰ ਖਤਮ ਹੋ ਰਿਹਾ ਸੀ। ਇਸ ਤੋਂ ਬਾਅਦ ਚਾਰ ਦਿਨ ਦਾ ਰਿਮਾਂਡ ਸੀ ,ਜੋ ਸੋਮਵਾਰ ਨੂੰ ਖਤਮ ਹੋ ਗਿਆ।

 


 


ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। 

 

ਦਿੱਲੀ ਪੁਲਿਸ ਨੇ 4 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ,ਦੀਪਕ ਮੁੰਡੀ  ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਇਸ ਦੇ ਇਲਾਵਾ ਇਸ ਮਾਮਲੇ 'ਚ ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਉਸ ਦੇ ਸਾਥੀ ਅਨਮੋਲ ਬਿਸ਼ਨੋਈ ਨੂੰ ਕੀਨੀਆ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ,ਜਿਨ੍ਹਾਂ ਨੂੰ ਪੁਲਿਸ ਪੰਜਾਬ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਦੋਵਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਫਰਜ਼ੀ ਪਾਸਪੋਰਟਾਂ ਰਾਹੀਂ ਭਾਰਤ ਤੋਂ ਬਾਹਰ ਭੇਜ ਦਿੱਤਾ ਸੀ।