ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਅਤੇ ਬੈਰਕ ਦੀ ਤਲਾਸ਼ੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਥਾਣਾ ਕੈਂਟ ਦੀ ਪੁਲੀਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।



ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੈਂਗਸਟਰ ਸੁਖਪ੍ਰੀਤ ਨੇ ਆਪਣੀ ਤਲਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ। ਗੈਂਗਸਟਰ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। 
 

ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਨਾਲ ਸਬੰਧਤ ਸੂਤਰ ਦੱਸਦੇ ਹਨ ਕਿ ਕੁਝ ਸਮਾਂ ਪਹਿਲਾਂ ਵੀ ਇਸ ਗੈਂਗਸਟਰ ਨੇ ਜੇਲ੍ਹ ਵਿੱਚ ਤਾਇਨਾਤ ਇੱਕ ਅਧਿਕਾਰੀ ਨੂੰ ਧਮਕੀ ਦਿੱਤੀ ਸੀ ਪਰ ਕਿਸੇ ਵੀ ਅਧਿਕਾਰੀ ਨੇ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।

 


ਦੱਸ ਦੇਈਏ ਕਿ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ 'ਚ ਵੱਖ ਵੱਖ ਜੇਲ੍ਹਾਂ ਵਿਚੋਂ ਬੰਦ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਇਨ੍ਹਾਂ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਰਣਜੀਤ ਚੀਤਾ ਅਤੇ ਉਸ ਦਾ ਭਾਈ ਗਗਨਦੀਪ ਸਿੰਘ, ਅਰਮਾਨੀਆ ਤੋਂ ਗ੍ਰਿਫਤਾਰ ਕਰਕੇ ਲਿਆਂਦਾ ਗੈਂਗਸਟਰ ਸੁਖਪ੍ਰੀਤ ਬੁੱਢਾ, ਦਵਿੰਦਰ ਬੰਬੀਹਾ ਗੈਂਗ ਦਾ ਖ਼ਤਰਨਾਕ ਗੈਂਗਸਟਰ ਸਿਮਰਨਦੀਪ ਸਿੰਘ ਸਿੰਮਾ ਨੂੰ ਬਠਿੰਡਾ ਜੇਲ੍ਹ ਵਿਚ ਭੇਜਿਆ ਗਿਆ ਸੀ। 

 

ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੂੰ ਅਰਮੀਨੀਆ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਪੰਜਾਬ ਲੈ ਕੇ ਆਈ ਸੀ। ਦਵਿੰਦਰ ਬੰਬੀਹਾ ਗਰੋਹ ਦਾ ਮੁਖੀ  ਸੁਖਪ੍ਰੀਤ ਬੁੱਢਾ ਕਤਲ, ਇਰਾਦਾ ਕਤਲ, ਜਬਰ ਜਨਾਹ, ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਆਦਿ ਦੇ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨ ਦਾ ਸਾਹਮਣਾ ਕਰ ਰਿਹਾ ਸੀ। 

 

ਗੈਂਗਸਟਰ ਬੁੱਢਾ ਨੇ ਨਾਭਾ ਜੇਲ੍ਹ ਅੰਦਰ ਕਤਲ ਕੀਤੇ ਗਏ ਡੇਰਾ ਸੱਚਾ ਸੌਦਾ ਦੇ ਇੱਕ ਕਾਰਕੁਨ ਮਨਿੰਦਰ ਪਾਲ ਬਿੱਟੂ ਦੇ ਖਾਤਮੇ ਲਈ ਆਪਣੇ ਫੇਸਬੁੱਕ ਅਕਾਊਂਟ ’ਤੇ ਜ਼ਿੰਮੇਵਾਰੀ ਲਈ ਸੀ। ਸੁਖਪ੍ਰੀਤ ਬੁੱਢਾ ਅਪਰੈਲ 2017 ਵਿਚ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ’ਤੇ ਹੋਏ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ। ਸੁਖਪ੍ਰੀਤ ਉਰਫ ਬੁੱਢਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਕ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ’ਤੇ ਵੀ ਕੈਨੇਡਾ ਵਿਚ ਹਮਲਾ ਕੀਤਾ ਗਿਆ ਸੀ।