Ghallughara Divas: ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਮੌਕੇ ਪੰਥਕ ਸਿਆਸਤ ਗਰਮਾ ਗਰਈ ਹੈ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲਗਾਤਾਰ ਵਿਰੋਧ ਹੋਰ ਰਿਹਾ ਹੈ। ਦਮਦਮੀ ਟਕਸਾਲ ਤੇ ਹੋਰ ਸਿੱਖ ਜਥੇਬੰਦੀਆਂ ਤੋਂ ਬਾਅਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੇ ਪੁੱਤਰਾਂ ਭਾਈ ਈਸ਼ਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਨੇ ਜਥੇਦਾਰ ਗੜਗੱਜ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 6 ਜੂਨ 1984 ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਸਮਾਗਮ ਮੌਕੇ ਜੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ।
ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਹੀਦੀ ਸਮਾਗਮ ਮੌਕੇ ਗਿਆਨੀ ਗੜਗੱਜ ਨੂੰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇ ਗੜਗੱਜ ਉਨ੍ਹਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ। ਦੱਸ ਦਈਏ ਕਿ ਦਮਦਮੀ ਟਕਸਾਲ ਨੇ ਘੱਲੂਘਾਰੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕਿਸੇ ਵੀ ਹਾਲਤ ਵਿੱਚ ਸੰਦੇਸ਼ ਪੜ੍ਹਨ ਤੇ ਸ਼ਹੀਦ ਪਰਿਵਾਰਾਂ ਨੂੰ ਸਿਰੋਪੇ ਦੇਣ ਤੋਂ ਰੋਕਣ ਦੇ ਐਲਾਨ ਕੀਤਾ ਹੈ ।
ਯਾਦ ਰਹੇ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਰ ਸਾਲ ਸ਼ਹੀਦੀ ਸਮਾਗਮ ਕੀਤਾ ਜਾਂਦਾ ਹੈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਜਾਂਦਾ ਹੈ, ਉਪਰੰਤ ਜਥੇਦਾਰ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਜਾਂਦਾ ਹੈ। ਇਸ ਵਾਰ ਜਥੇਦਾਰ ਗੜਗੱਜ ਦੇ ਵਿਰੋਧ ਨੂੰ ਲੈ ਕੇ ਪੰਥਕ ਸਿਆਸਤ ਗਰਮਾਈ ਹੋਈ ਹੈ।
ਉਧਰ, ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਮ ਦਿੱਤੇ ਜਾਣ ਵਾਲੇ ਸੰਦੇਸ਼ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਮਗਰੋਂ ਪੈਦਾ ਹੋਏ ਪੰਥਕ ਸੰਕਟ ਨੂੰ ਹੱਲ ਕਰਨ ਲਈ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫਦ ਨੇ ਚੌਂਕ ਮਹਿਤਾ ਸਥਿਤ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਵੇਂ ਸੁਖਾਵੇਂ ਮਾਹੌਲ ਵਿੱਚ ਹੋਈ ਤੇ ਦੋਵਾਂ ਧਿਰਾਂ ਨੇ ਕਰੀਬ ਡੇਢ ਘੰਟਾ ਬੰਦ ਕਮਰਾ ਮੀਟਿੰਗ ਕੀਤੀ ਹੈ ਪਰ ਮੀਟਿੰਗ ਫਿਲਹਾਲ ਬੇਸਿੱਟਾ ਰਹੀ ਹੈ।
ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜੇਕਰ 6 ਜੂਨ ਨੂੰ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਕੋਈ ਗ਼ੈਰ-ਪ੍ਰਵਾਨਿਤ ਜਥੇਦਾਰ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਾ ਹੈ ਤਾਂ ਉਸ ਦਾ ਵਿਰੋਧ ਹੋਣਾ ਸੁਭਾਵਿਕ ਹੈ ਤੇ ਜੇਕਰ ਵਿਰੋਧ ਹੁੰਦਾ ਹੈ ਤਾਂ ਸਥਿਤੀ ਵਿਗੜ ਸਕਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੁੱਚੀ ਸਿੱਖ ਕੌਮ ਨੇ ਮਾਨਤਾ ਨਹੀਂ ਦਿੱਤੀ ਹੈ ਤੇ ਉਹ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਦੇ ਪ੍ਰਵਾਨਤ ਜਥੇਦਾਰ ਨੂੰ ਹੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਸੇਵਾ ਸੌਂਪੇ। ਉਨ੍ਹਾਂ ਸਪਸ਼ਟ ਕੀਤਾ ਕਿ ਦਮਦਮੀ ਟਕਸਾਲ 6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੇ ਹੱਕ ਵਿੱਚ ਨਹੀਂ ਹੈ ਤੇ ਸ਼੍ਰੋਮਣੀ ਕਮੇਟੀ ਨਾਲ ਕਦੇ ਵੀ ਟਕਰਾਅ ਨਹੀਂ ਚਾਹੁੰਦੀ ਹੈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ ਦੇ ਮੁਖੀ ਨੂੰ ਭਰੋਸਾ ਦਿੱਤਾ ਕਿ ਇਸ ਮਸਲੇ ਦਾ ਇੱਕ ਦੋ ਦਿਨਾਂ ਵਿੱਚ ਸਾਰਥਿਕ ਹੱਲ ਲੱਭ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਸਿੱਖ ਕੌਮ ਦੀ ਸਤਿਕਾਰਤ ਜਥੇਬੰਦੀ ਹੈ ਤੇ ਸ਼੍ਰੋਮਣੀ ਕਮੇਟੀ ਕਦੇ ਵੀ ਉਸ ਨਾਲ ਟਕਰਾਅ ਨਹੀਂ ਚਾਹੁੰਦੀ ਹੈ। ਉਨ੍ਹਾਂ ਕਿਹਾ ਹੈ ਕਿ ਮੀਟਿੰਗ ਦੌਰਾਨ ਸੁਖਾਵੇਂ ਮਾਹੌਲ ਵਿੱਚ ਗੱਲ ਹੋਈ ਹੈ ਤੇ ਉਮੀਦ ਹੈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।