Giani Harpreet Singh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਉਪਰ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਨਿੱਜੀ ਹਿੱਤਾਂ ਲਈ ਪੰਥਕ ਸੰਸਥਾਵਾਂ ਨੂੰ ਢਾਅ ਲਾਈ ਜਾ ਰਹੀ ਹੈ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਪੰਥਕ ਸੋਚ ਵਾਲਿਆਂ ਨੂੰ ਜਲੀਲ ਕਰਕੇ ਹਟਾਇਆ ਜਾ ਰਿਹਾ ਹੈ।




ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ ਉਪਰ ਲਿਖਿਆ...ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ। ਸ੍ਰੋਮਣੀ ਅਕਾਲੀ ਦਲ ਵਿੱਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ, ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰ ਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਬਣਾਇਆ ਜਾਂਦਾ ਕਿ ਬੰਦਾ ਖੁਦ ਲਾਂਭੇ ਹੋਣ ਲਈ ਮਜਬੂਰ ਹੋ ਜਾਂਦਾ ਹੈ। ਹੇ ਅਕਾਲ ਪੁਰਖ ਜੀ ! ਆਪਣੀਆਂ ਗੁਰੂ ਪੰਥ ਦੀਆਂ ਸੰਸਥਾਵਾਂ ਤੇ ਮਿਹਰ ਭਰਿਆ ਹੱਥ ਰੱਖੋ।


 




ਦਰਅਸਲ ਪੰਥਕ ਸਿਆਸਤ ਨਿੱਤ ਨਵਾਂ ਮੋੜ ਲੈ ਰਹੀ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੇਸ਼ੱਕ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਅਲੋਚਨਾ ਹੋ ਰਹੀ ਸੀ ਪਰ ਹੁਣ ਧਾਮੀ ਦੇ ਅਸਤੀਫੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। 



ਹਾਸਲ ਜਾਣਕਾਰੀ ਮੁਤਾਬਕ ਧਾਮੀ ਨੇ ਆਪਣੇ ਅਸਤੀਫੇ ਪਿੱਛੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸੋਸ਼ਲ ਮੀਡੀਆ ਪੋਸਟ ਨੂੰ ਦੱਸਿਆ ਹੈ ਜੋ ਉਨ੍ਹਾਂ ਨੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਪਾਈ ਸੀ। ਇਸ ਵੇਲੇ ਗਿਆਨੀ ਰਘਬੀਰ ਸਿੰਘ ਵਿਦੇਸ਼ ਵਿੱਚ ਹਨ। ਉਨ੍ਹਾਂ ਨੇ 13 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਬਾਅਦ ਪੋਸਟ ਸਾਂਝੀ ਕੀਤੀ ਸੀ। 



ਅਸਤੀਫ਼ਾ ਦੇਣ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਧਾਮੀ ਨੇ ਉਸ ਪੋਸਟ ਦੀਆਂ ਲਾਈਨਾਂ ਵੀ ਪੜ੍ਹੀਆਂ ਤੇ ਕਿਹਾ ਕਿ ਪੋਸਟ ਤੋਂ ਇਹ ਸਪੱਸ਼ਟ ਹੈ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਦੱਸ ਰਹੇ ਹਨ। ਧਾਮੀ ਨੇ ਕਿਹਾ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ, ਉਸ ਦਿਨ 14 ਮੈਂਬਰ ਇਕੱਠੇ ਸਨ ਤੇ ਡੇਢ ਘੰਟੇ ਤੱਕ ਵਿਚਾਰ-ਵਟਾਂਦਰਾ ਹੋਇਆ। ਸਾਰਿਆਂ ਨੂੰ ਬੋਲਣ ਲਈ ਸਮਾਂ ਦਿੱਤਾ ਗਿਆ ਤਾਂ ਜੋ ਕਿਸੇ ਦੇ ਵਿਚਾਰ ਨਾ ਰਹਿ ਜਾਣ, ਪਰ ਪ੍ਰਧਾਨ ਮੁੱਖ ਹੁੰਦਾ ਹੈ। ਇਸ ਲਈ ਨੈਤਿਕ ਆਧਾਰ 'ਤੇ ਮੈਂ ਇਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਗੁਰੂ ਸਾਹਿਬ ਕਿਰਪਾ ਕਰਨ।



ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪ੍ਰਬੰਧਕੀ ਸੰਸਥਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖਤ ਹੈ। ਸ਼੍ਰੋਮਣੀ ਅਕਾਲੀ ਦਲ ਵੀ ਇਸ ਤਖ਼ਤ ਦੀ ਇੱਕ ਸੰਸਥਾ ਹੈ। ਸਮਾਂ ਗੰਭੀਰ ਚੱਲ ਰਿਹਾ ਹੈ। ਸਰਕਾਰਾਂ ਨੇ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਿੱਧੇ ਯਤਨ ਕੀਤੇ ਹਨ। ਧਾਮੀ ਦੇ ਅਸਤੀਫੇ ਨਾਲ ਪੰਥਕ ਹਲਕਿਆਂ ਅੰਦਰ ਹਲਚਲ ਸ਼ੁਰੂ ਹੋ ਗਈ ਹੈ।