ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਹੈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ ਵੀ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਮੌਕੇ ਸਿਆਸੀ ਲੀਡਰਾਂ ਵੱਲੋਂ ਪੰਜਾਬ ਵਿੱਚ ਆਈ ਤਬਾਹੀ ਉੱਤੇ ਪ੍ਰਧਾਨ ਮੰਤਰੀ ਦੀ ਚੁੱਪੀ ਉੱਤੇ ਸਵਾਲ ਚੁੱਕੇ ਜਾ ਰਹੇ ਹਨ।

ਇਸ ਨੂੰ ਲੈ ਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮਾਣਯੋਗ ਪ੍ਰਧਾਨ ਮੰਤਰੀ ਨੇ ਅਫਗਾਨਿਸਤਾਨ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ, ਪਰ ਪੰਜਾਬ ਵੀ ਇਸ ਦੇਸ਼ ਦਾ ਇੱਕ ਹਿੱਸਾ ਹੈ। ਇੱਥੇ 17 ਅਗਸਤ ਤੋਂ ਲਗਭਗ 1,500 ਪਿੰਡ ਅਤੇ ਲਗਭਗ 3 ਲੱਖ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਪੰਜਾਬ ਦੀ ਅਣਦੇਖੀ ਬਹੁਤ ਦਰਦਨਾਕ ਹੈ।

ਜਿਕਰ ਕਰ ਦਈਏ ਕਿ ਲੰਘੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਵਿੱਚ ਆਏ ਭੂਚਾਲ ਬਾਬਤ ਟਵੀਟ ਕਰਦਿਆਂ ਲਿਖਿਆ ਸੀ ਕਿ ਅਫਗਾਨਿਸਤਾਨ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੋਇਆ ਹੈ। ਇਸ ਮੁਸ਼ਕਲ ਘੜੀ ਵਿੱਚ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ, ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਅਤੇ ਰਾਹਤ ਪ੍ਰਦਾਨ ਕਰਨ ਲਈ ਤਿਆਰ ਹੈ।

ਇਸ ਤੋਂ ਬਾਅਦ ਪੰਜਾਬ ਦੇ ਲੀਡਰਾਂ ਵੱਲੋਂ ਇਤਰਾਜ਼ ਜਤਾਇਆ ਗਿਆ ਕਿ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹ ਤਬਾਹੀ ਮਚਾ ਰਹੇ ਹਨ ਪਰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇੱਕ ਵੀ ਸ਼ਬਦ ਸਾਂਝਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੇਂਦਰ ਸਰਕਾਰ ਉੱਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਤਾਰ ਲਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਦੇ ਅੰਮ੍ਰਿਤਸਰ ਤੋਂ ਤਰਨਤਾਰਨ ਤੱਕ 23 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੋਪੜ, ਨਵਾਂਸ਼ਹਿਰ, ਮੋਹਾਲੀ, ਸੰਗਰੂਰ ਅਤੇ ਮੁਕਤਸਰ ਸ਼ਾਮਲ ਹਨ।