Sikh News: ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਤਿੱਖਾ ਬਿਆਨ, ਕਿਹਾ-ਸੰਸਥਾਵਾਂ ਦੀ ਦੁਰਵਰਤੋਂ ਕਰਨ ਵਾਲੇ ਪਰਿਵਾਰ ਦੀ ਪੱਟੀ ਗਈ ਜੜ੍ਹ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਕੌਮ ਤੇ ਪੰਥਕ ਸੰਸਥਾਵਾਂ ਲਈ ਕਾਲਾ ਦਿਨ ਹੈ। ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਤਬਦੀਲ ਕੀਤਾ ਗਿਆ ਹੈ ਜਿਸ ਦਾ ਸਿੱਧਾ-ਸਿੱਧਾ ਕਾਰਨ 2 ਦਸੰਬਰ ਨੂੰ ਜਾਰੀ ਕੀਤਾ ਗਿਆ ਹੁਕਮਾਨਾ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਹੋਰ ਗਹਿਰਾ ਗਿਆ ਹੈ। ਪੰਥ ਉਪਰ ਬਾਦਲ ਧੜੇ ਦਾ ਕਬਜ਼ਾ ਬਰਕਰਾਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ। ਇਸ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਕੌਮ ਤੇ ਪੰਥਕ ਸੰਸਥਾਵਾਂ ਲਈ ਕਾਲਾ ਦਿਨ ਹੈ। ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਤਬਦੀਲ ਕੀਤਾ ਗਿਆ ਹੈ ਜਿਸ ਦਾ ਸਿੱਧਾ-ਸਿੱਧਾ ਕਾਰਨ 2 ਦਸੰਬਰ ਨੂੰ ਜਾਰੀ ਕੀਤਾ ਗਿਆ ਹੁਕਮਾਨਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦਾ ਮਤਲਬ ਇਹ ਹੈ ਕਿ ਮੈਨੂੰ ਵੀ ਅਹੁਦੇ ਤੋਂ ਹਟਾਉਣ ਪਿੱਛੇ 2 ਦਸੰਬਰ ਵਾਲਾ ਹੁਕਮਨਾਮਾ ਹੈ। ਉਨ੍ਹਾਂ ਮੁੜ ਤੋਂ ਦਹੁਰਾਇਆ ਕਿ ਇਹ ਸਿੱਖ ਇਤਿਹਾਸ ਲਈ ਕਾਲਾ ਦਿਨ ਹੈ। ਇਸ ਦੇ ਨਾਲ ਹੀ ਕਿਹਾ ਕਿ ਅੱਜ ਸੰਸਥਾਵਾਂ ਦਾ ਦੁਰਉਪਯੋਗ ਕਰਨ ਵਾਲੇ ਪਰਿਵਾਰ ਦੀ ਜੜ੍ਹ ਪੱਟੀ ਗਈ ਹੈ।
ਜ਼ਿਕਰ ਕਰ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ। ਅਹਿਮ ਗੱਲ ਹੈ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ।
ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਭਰਤੀ ਤੇ ਅਹੁਦੇਦਾਰਾਂ ਦੀ ਚੋਣ ਦਾ ਹੁਕਮ ਦਿੱਤਾ ਸੀ। ਇਸ ਦੀ ਨਿਗਰਾਨੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ। ਬਾਦਲ ਧੜੇ ਨੇ ਇਸ ਕਮੇਟੀ ਨੂੰ ਮਾਨਤਾ ਨਾ ਦਿੰਦਿਆਂ ਖੁਦ ਹੀ ਭਰਤੀ ਮੁਹਿੰਮ ਵਿੱਢ ਦਿੱਤੀ ਸੀ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੋ ਦਸੰਬਰ ਦੇ ਫੈਸਲੇ ਨੂੰ ਇੰਨ-ਬਿੰਨ ਕਰਾਉਣ ਉਪਰ ਅੜੇ ਹੋਏ ਸਨ।
ਪੰਥਕ ਹਲਕਿਆਂ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਚੁਣੀ ਜਾਂਦੀ ਹੈ ਤਾਂ ਬਾਦਲ ਧੜੇ ਹੱਥੋਂ ਤਾਕਤ ਖੁਸ ਸਕਦੀ ਹੈ। ਇਸ ਲਈ ਬਾਦਲ ਧੜਾ ਕਿਸੇ ਵੀ ਕੀਮਤ ਉਪਰ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਆਪਣੇ ਹੱਥੋਂ ਨਹੀਂ ਜਾਣ ਦੇਣਾ ਚਾਹੁੰਦਾ। ਇਸੇ ਲਈ ਸ਼੍ਰੋਮਣੀ ਕਮੇਟੀ ਜ਼ਰੀਏ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਤੇ ਹੁਣ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।
ਸਿਆਸੀ ਮਹਿਰਾਂ ਮੁਤਾਬਕ ਹੁਣ ਨਵੇਂ ਜਥੇਦਾਰਾਂ ਦੀ ਚੋਣ ਹੋਏਗੀ। ਸ਼੍ਰੋਮਣੀ ਕਮੇਟੀ ਉਪਰ ਬਾਦਲ ਧੜੇ ਦਾ ਕਬਜ਼ਾ ਹੋਣ ਕਰਕੇ ਆਪਣੇ ਖਾਸ ਲੋਕਾਂ ਨੂੰ ਹੀ ਜਥੇਦਾਰ ਬਣਾਇਆ ਜਾਏਗਾ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਉਪਰ ਬਾਦਲ ਧੜੇ ਦਾ ਕਬਜ਼ਾ ਬਰਕਰਾਰ ਰਹੇਗਾ। ਉਂਝ, ਜਥੇਦਾਰਾਂ ਨੂੰ ਹਟਾਉਣ ਨਾਲ ਪੰਥ ਅੰਦਰ ਰੋਸ ਵਧੇਗਾ ਜਿਸ ਦਾ ਅਕਾਲੀ ਦਲ ਨੂੰ ਭਵਿੱਖ ਵਿੱਚ ਨੁਕਸਾਨ ਹੋਏਗਾ। ਇਸ ਤੋਂ ਇਲਾਵਾ ਬਾਗੀ ਧੜਾ ਨਵਾਂ ਅਕਾਲੀ ਦਲ ਬਣਾ ਸਕਦਾ ਹੈ। ਇਸ ਨਾਲ ਵੀ ਪੰਥਕ ਵੋਟ ਵੰਡੀ ਜਾਏਗੀ।






















