ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਾਰੀ ਜਥੇਦਾਰ ਵਜੋਂ ਕੰਮ ਸੰਭਾਲਿਆ ਲਿਆ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦੁਆਇਆ ਕਿ ਪੰਥਕ ਮਸਲਿਆਂ 'ਤੇ ਵਿਚਾਰਾਂ ਲਈ ਸਾਰਿਆਂ ਦੀ ਰਾਏ ਲਈ ਜਾਵੇਗੀ ਤੇ ਸਭ ਨੂੰ ਨਾਲ ਲੈ ਕੇ ਚੱਲਿਆ ਜਾਏਗਾ। ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਕੰਮ ਵੀ ਨਾਲ ਹੀ ਵੇਖਣਗੇ।
ਉਂਝ ਗਿਆਨੀ ਹਰਪ੍ਰੀਤ ਸਿੰਘ ਕਿਸੇ ਵੀ ਵਿਵਾਦਤ ਸਵਾਲ ਦਾ ਜਵਾਬ ਦੇਣ ਤੋਂ ਟਲਦੇ ਨਜ਼ਰ ਆਏ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮੁੱਦੇ ਨੂੰ ਮੁੜ ਵਿਚਾਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦੇ। ਸਿੰਘ ਸਾਹਿਬਾਨ ਦੀ ਹੋਣ ਵਾਲੀ ਮੀਟਿੰਗ ਵਿੱਚ ਇਸ ਬਾਰੇ ਕੋਈ ਚਰਚਾ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤੀ ਬਾਰੇ ਕਿਹਾ ਕਿ ਵਿਦਵਾਨ ਜਥੇਦਾਰ ਦੇ ਸੇਵਾਵਾਂ ਸ਼ੁਰੂ ਕਰਨ ਨਾਲ ਸਿੱਖ ਕੌਮ ਦਾ ਭਲਾ ਹੋਵੇਗਾ ਤੇ ਸਿੱਖ ਕੌਮ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਮੀਟਿੰਗ ਸੱਦੀ ਜਾਵੇਗੀ ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਜਥੇਦਾਰ ਬਾਰੇ ਫੈਸਲਾ ਲਿਆ ਜਾਏਗਾ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਹੁਣ ਭਵਿੱਖ ਵਿੱਚ ਜੋ ਫੈਸਲੇ ਲਏ ਜਾਣਗੇ, ਉਨ੍ਹਾਂ ਲਈ ਸਾਰੀਆਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫਦ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉਪਰ ਉੱਠ ਕੇ ਸਾਰੇ ਇਸ ਲਈ ਯਤਨਸ਼ੀਲ ਹਨ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਵੀ ਗੱਲਬਾਤ ਕੀਤੀ ਜਾਵੇਗੀ।