ਗਿਆਨੀ ਹਰਪ੍ਰੀਤ ਸਿੰਘ ਨੇ ਸੰਭਾਲੀ ਸ਼੍ਰੀ ਅਕਾਲ ਤਖ਼ਤ ਦੀ ਕਮਾਨ
ਏਬੀਪੀ ਸਾਂਝਾ | 22 Oct 2018 02:40 PM (IST)
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਜਥੇਦਾਰ ਦਾ ਐਲਾਨ ਹੋ ਗਿਆ ਹੈ। ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਕਮਾਨ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਣ ਇਹ ਅਹੁਦਾ ਵੀ ਸੰਭਾਲਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੋਮਵਾਰ ਨੂੰ ਹੋਈ ਅੰਤ੍ਰਿਗ ਕਮੇਟੀ ਦੀ ਬੈਠਕ ਵਿੱਚ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਵਜੋਂ ਲਾਇਆ ਗਿਆ ਹੈ, ਇਸ ਦਾ ਮਤਲਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਨਵਾਂ ਤੇ ਪੱਕਾ ਜਥੇਦਾਰ ਦੀ ਭਾਲ ਹਾਲੇ ਖ਼ਤਮ ਨਹੀਂ ਹੋਈ। ਉਹ ਦਮਦਮਾ ਸਾਹਿਬ ਦਾ ਕੰਮਕਾਜ ਵੀ ਦੇਖਦੇ ਰਹਿਣਗੇ। ਜ਼ਿਕਰਯੋਗ ਹੈ ਕਿ 10 ਸਾਲ ਲੰਮਾ ਕਾਰਜਕਾਲ ਭੋਗਣ ਤੋਂ ਬਾਅਦ ਬੀਤੀ 18 ਅਕਤੂਬਰ ਦੇਰ ਰਾਤ ਨੂੰ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅੱਜ ਐਸਜੀਪੀਸੀ ਦੀ ਐਗ਼ਜ਼ੈਕਟਿਵ ਕਮੇਟੀ ਦੀ ਬੈਠਕ ਵਿੱਚ ਆਰਜ਼ੀ ਤੌਰ 'ਤੇ ਗਿਆਨੀ ਹਰਪ੍ਰੀਤ ਸਿੰਘ ਉੱਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕਰਨ 'ਤੇ ਸਹਿਮਤੀ ਬਣੀ ਹੈ।