ਚੰਡੀਗੜ੍ਹ: ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੇ ਸ਼੍ਰੋਮਣੀ ਕਮੇਟੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਮੁੱਦਿਆਂ ਨੂੰ ਮੁਖਾਤਬ ਹੋਣ ਲਈ ਰਣਨੀਤੀ ਬਣਾ ਲਈ ਹੈ। ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਕਾ ਜਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਿੱਖ ਪੰਥ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਉੱਚਾ ਸਥਾਨ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਅਜਿਹੇ ਸ਼ਖਸ ਨੂੰ ਇਸ ਵੱਕਾਰੀ ਅਹੁਦੇ 'ਤੇ ਲਿਆਉਣਾ ਚਾਹੁੰਦਾ ਹੈ ਜਿਹੜਾ ਪੰਥਕ ਵਿਵਾਦਾਂ ਨੂੰ ਮੌਜੂਦਾ ਸਿਆਸੀ ਹਾਲਾਤ ਮੁਤਾਬਕ ਹੱਲ ਕਰਨ ਦੀ ਕਾਬਲੀਅਤ ਰੱਖਦਾ ਹੋਏ।



ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕਈ ਵਿਦਾਦਾਂ ਵਿੱਚ ਘਿਰਦੇ ਰਹੇ। ਉਨ੍ਹਾਂ ਉਪਰ ਅਕਸਰ ਹੀ ਇਲਜ਼ਾਮ ਲੱਗਦੇ ਸੀ ਕਿ ਉਹ ਅਕਾਲੀ ਦਲ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹਨ। ਉਂਝ ਗਿਆਨੀ ਗੁਰਬਚਨ ਸਿੰਘ ਦਾ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਹੋਣ ਕਰਕੇ ਉਨ੍ਹਾਂ 'ਤੇ ਸਵਾਲ ਉੱਠਣੇ ਲਾਜ਼ਮੀ ਸੀ। ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਦੇਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਕਾਰਜਕਾਰੀ ਜਥੇਦਾਰ ਲਾਇਆ ਗਿਆ ਸੀ।

ਚਰਚਾ ਹੈ ਕਿ ਚੋਣਾਂ ਨੇੜੋ ਹੋਣ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੀ ‘ਰੈਗੂਲਰ’ ਜਥੇਦਾਰ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਆਗਾਮੀ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਵਜੋਂ ਪਦਉੱਨਤੀ ਦੇ ਮਾਮਲੇ ’ਤੇ ਮੋਹਰ ਲੱਗ ਸਕਦੀ ਹੈ। ਅਜਿਹਾ ਸੰਕੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਦੇ ਚੁੱਕੇ ਹਨ।

ਅਹਿਮ ਗੱਲ ਹੈ ਕਿ ਇਸ ਵੇਲੇ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਵੀ ਬਤੌਰ ਰੈਗੂਲਰ ਜਥੇਦਾਰ ਵਜੋਂ ਕਾਰਜਸ਼ੀਲ ਹਨ। ਦੋ ਤਖ਼ਤ ਸਹਿਬਾਨ ਦਾ ਕੰਮ ਸੰਭਾਲਨ ਕਰਕੇ ਉਨ੍ਹਾਂ ਉੱਪਰ ਸਵਾਲ ਵੀ ਉੱਠ ਰਹੇ ਹਨ। ਉਨ੍ਹਾਂ ਨੇ ਇੱਕ ਤਖ਼ਤ ਦਾ ਅਹੁਦਾ ਛੱਡਣ ਦੀ ਵੀ ਪੇਸ਼ਕਸ਼ ਕੀਤੀ ਸੀ। ਇਸ ਲਈ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਜਥੇਦਾਰ ਛਾਪ ਕੇ ਕਿਸੇ ਹੋਰ ਸ਼ਖਸੀਅਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਜਾ ਸਕਦਾ ਹੈ।