ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਵੱਲੋਂ ਤੰਬਾਕੂਨੋਸ਼ੀ ਦੀ ਵਾਇਰਲ ਵੀਡੀਓ ਦਾ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਗੰਭੀਰ ਮਾਮਲਾ ਹੈ ਤੇ ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਯਾਦ ਰਹੇ ਇਸ ਤੋਂ ਪਹਿਲਾਂ ਵੀ ਗਿਆਨੀ ਇਕਬਾਲ ਸਿੰਘ ਵਿਵਾਦ ਵਿੱਚ ਹਨ। ਉਨ੍ਹਾਂ ਖਿਲਾਫ ਕੁਝ ਔਰਤਾਂ ਵੱਲੋਂ ਸ੍ਰੀ ਅਕਾਲ ਤਖਤ ‘ਤੇ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ। ਇਸ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਦੁਰਵਿਹਾਰ ਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਇਸ ਕਰਕੇ ਵੀ ਸਿੱਖਾਂ ਵਿੱਚ ਕਾਫੀ ਰੋਸ ਹੈ। ਹੁਣ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।
ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਤਖਤ ਦੇ ਜਥੇਦਾਰ ਦੇ ਬੇਟੇ ਵੱਲੋਂ ਤੰਬਾਕੂਨੋਸ਼ੀ ਦੀ ਘਟਨਾ ਗੰਭੀਰ ਮਾਮਲਾ ਹੈ। ਉਨ੍ਹਾਂ ਦਾ ਬੇਟਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਰਮਚਾਰੀ ਵੀ ਹੈ। ਉਸ ਵੱਲੋਂ ਸਿਗਰਟ ਪੀਣਾ ਜਾਂ ਤੰਬਾਕੂਨੋਸ਼ੀ ਕਰਨਾ ਬੱਜਰ ਗੁਨਾਹ ਹੈ।
ਉਨ੍ਹਾਂ ਆਖਿਆ ਕਿ ਇਸ ਬਾਰੇ ਜਾਣਕਾਰੀ ਮਿਲਣ ਮਗਰੋਂ ਪ੍ਰਬੰਧਕੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।
ਕਾਬਲੇਗੌਰ ਹੈ ਕਿ ਬੀਤੇ ਦਿਨ ਗਿਆਨੀ ਇਕਬਾਲ ਸਿੰਘ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਹੈ। ਇਹ ਬੇਦਖਲੀ ਉਸ ਦੇ ਬੇਗੁਨਾਹ ਸਾਬਿਤ ਹੋਣ ਤਕ ਕੀਤੀ ਗਈ ਹੈ। ਦੂਜੇ ਪਾਸੇ, ਪ੍ਰਬੰਧਕੀ ਕਮੇਟੀ ਵੱਲੋਂ ਉਸ ਨੂੰ ਮੁਅੱਤਲ ਕੀਤਾ ਗਿਆ ਹੈ ਤੇ 24 ਘੰਟੇ ਵਿੱਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ।