ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਾਨ ਦਾ ਖਤਰਾ ਹੈ। ਉਨ੍ਹਾਂ ਨੇ ਬਿਹਾਰ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਪੱਤਰ ਭੇਜ ਕੇ ਆਖਿਆ ਕਿ ਉਨ੍ਹਾਂ ਦੀ ਜਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਸਰਕਾਰ ਵੱਲੋਂ ਵਿਸ਼ੇਸ਼ ਸੁਰੱਖਿਆ ਮੁਹੱਈਆ ਕੀਤੀ ਜਾਵੇ।


ਉਨ੍ਹਾਂ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਬੋਰਡ ਦੇ ਮੈਂਬਰ ਕਮਿੱਕਰ ਸਿੰਘ ਮੁਕੰਦਪੁਰ ਤੋਂ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਜੇਕਰ ਉਨ੍ਹਾਂ ਦਾ ਜਾਂ ਪਰਿਵਾਰ ਦੇ ਕਿਸੇ ਮੈਂਬਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਿੱਧੇ ਤੌਰ ’ਤੇ ਇਹ ਤਿੰਨੇ ਲੀਡਰ ਜ਼ਿੰਮੇਵਾਰ ਹੋਣਗੇ।

ਉਨ੍ਹਾਂ ਲਿਖਿਆ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਬਿਨਾਂ ਮੰਗੇ ਦਿੱਤੀ ਮੁਆਫੀ ਦਾ ਸੱਚ ਉਜਾਗਰ ਕਰਨ ਕਰਕੇ ਹੀ ਉਨ੍ਹਾਂ ਖ਼ਿਲਾਫ਼ ਇਹ ਸਾਜਿਸ਼ਾਂ ਰਚੀਆਂ ਗਈਆਂ ਹਨ। ਮੌਜੂਦਾ ਸਥਿਤੀ ਵਿੱਚ ਉਹ ਆਪਣੇ ਘਰ ਦੇ ਕਮਰੇ ਵਿੱਚ ਕੈਦ ਹੋ ਕੇ ਰਹਿ ਗਏ ਹਨ। ਯਾਦ ਰਹੇ ਗਿਆਨੀ ਇਕਬਾਲ ਸਿੰਘ ਨੇ ਬੀਤੇ ਦਿਨ ਪ੍ਰਬੰਧਕੀ ਬੋਰਡ ਵੱਲੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਇਸ ਮਗਰੋਂ ਸਾਬਕਾ ਜਥੇਦਾਰ ਨੇ ਬਿਆਨ ਰਾਹੀਂ ਉਨ੍ਹਾਂ ਖ਼ਿਲਾਫ਼ ਮੁੜ ਸ਼ੁਰੂ ਕੀਤੀ ਜਾਂਚ ਨੂੰ ਸਾਜਿਸ਼ ਕਰਾਰ ਦਿੱਤਾ ਸੀ।

ਦੂਜੇ ਪਾਸੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਗਿਆਨੀ ਇਕਬਾਲ ਸਿੰਘ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਜਾਨ ਮਾਲ ਨੂੰ ਕੋਈ ਖਤਰਾ ਨਹੀਂ ਹੈ ਤੇ ਨਾ ਹੀ ਕਿਸੇ ਨੇ ਉਨ੍ਹਾਂ ਨੂੰ ਕੋਈ ਧਮਕੀ ਦਿੱਤੀ ਹੈ। ਸਗੋਂ ਉਨ੍ਹਾਂ ਨੂੰ ਬੋਰਡ ਵੱਲੋਂ ਦਿੱਤੀ ਹੋਈ ਰਿਹਾਇਸ਼ ਖਾਲੀ ਕਰਨ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਸਬੰਧਤ ਕਈ ਅਹਿਮ ਵਸਤਾਂ ਜੋ ਸੰਗਤ ਵੱਲੋਂ ਤਖ਼ਤ ਸਾਹਿਬ ਲਈ ਭੇਟ ਕੀਤੀਆਂ ਗਈਆਂ ਸਨ, ਤਖ਼ਤ ਸਾਹਿਬ ਨੂੰ ਸੌਂਪਣ ਲਈ ਆਖਿਆ ਗਿਆ ਹੈ, ਜੋ ਉਨ੍ਹਾਂ ਨੇ ਆਪਣੇ ਕੋਲ ਹੀ ਰੱਖੀਆਂ ਹੋਈਆਂ ਹਨ।