Amritsar News : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਜਗਤਾਰ ਸਿੰਘ ਕੁਝ ਦਿਨ ਤੋਂ ਬਿਮਾਰ ਚੱਲ ਰਹੇ ਸਨ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਯਾਦ ਕਰਦਿਆਂ ਦੁੱਖ ਪ੍ਰਗਟਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਵਿਸ਼ਵ ਦੀਆਂ ਸੰਗਤਾਂ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਜਿਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ, ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ।