ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਜਦਕਿ ਉਨ੍ਹਾਂ ਦੇ ਸੇਵਾ ਸੰਭਾਲ ਦਾ ਸਮਾਂ 10 ਵਜੇ ਤੈਅ ਕੀਤਾ ਗਿਆ ਸੀ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ।



 


ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਦੱਸ ਦਈਏ ਸੇਵਾ ਸੰਭਾਲ ਨੂੰ ਲੈ ਕੇ ਬੋਰਡ ਲਗਾਏ ਗਏ ਸੀ ਜਿਸ ਉੱਤੇ ਸੇਵਾ ਸੰਭਾਲਣ ਦਾ ਸਮਾਗਮ ਸਮਾਂ 10 ਵਜੇ ਦਿੱਤਾ ਗਿਆ ਸੀ। ਜਿਸ ਕਰਕੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਤੋਂ ਲੈਕੇ ਵੱਖ-ਵੱਖ ਜੱਥੇਬੰਦੀਆਂ ਨੇ ਸ਼ਿਰਕਤ ਕਰਨੀ ਸੀ। ਪਰ ਸਮੇਂ ਤੋਂ ਕਈ ਘੰਟੇ ਪਹਿਲਾਂ ਅੰਮ੍ਰਿਤ ਵੇਲੇ ਹੀ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਗਈ।


ਨਿਹੰਗ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਵਿਰੋਧ 


ਨਿਹੰਗ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਨੂੰ ਪ੍ਰਵਾਨ ਨਾ ਕਰਨ ਦੀ ਗੱਲ ਆਖੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੇਵਾ ਸੰਭਾਲ ਸਮੇਂ ਤੋਂ ਪਹਿਲਾਂ ਕਰਵਾ ਦਿੱਤੀ ਗਈ ਹੈ। ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਹੈ ਕਿਉਂਕਿ ਇਹ ਮਰਿਆਦਾ ਦੇ ਅਨੁਸਾਰ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।