ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵੀ ਸਰਕਾਰੀ ਸੁਰੱਖਿਅ ਵਾਪਸ ਕਰਨ ਦਾ ਐਲਾਨ
ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਅੱਜ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਅੱਜ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਅੱਜ ਆਪੋ-ਆਪਣੇ ਹੈੱਡ ਕੁਆਰਟਰਾਂ ‘ਤੇ ਵਾਪਸ ਚਲੇ ਜਾਣ ਲਈ ਕਹਿ ਦਿੱਤਾ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ ਉਹ ਸਵੈ-ਰੱਖਿਆ ਕਰਨ ਦੇ ਸਮਰੱਥ ਹਨ।
ਪੰਜਾਬ 'ਚ ਇੱਕ ਵਾਰ ਫਿਰ ਤੋਂ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ 'ਤੇ ਕੱਟ ਮਾਰਿਆ ਹੈ। ਦੱਸ ਦਈਏ ਕਿ ਮਾਨ ਸਰਕਾਰ ਕਈ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲਿਸਟ 'ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ। ਨਾਲ ਹੀ ਇਸ ਲਿਸਟ 'ਚ ਸਾਬਕਾ ਵਿਧਾਇਕਾਂ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।
ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਸਰਕਾਰ ਨੇ ਸਮੀਖਿਆ ਬੈਠਕ ਕੀਤੀ ਸੀ, ਜਿਸ 'ਚ ਇਸ ਗੱਲ 'ਤੇ ਚਰਚਾ ਕੀਤੀ ਗਈ ਸੀ ਕਿ ਕੀ 424 ਲੋਕਾਂ ਨੂੰ ਸੁਰੱਖਿਆ ਦੀ ਲੋੜ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਸੁਰੱਖਿਆ 'ਚ ਕਟੌਤੀ ਕਰਨ ਦੇ ਹੁਕਮ ਜਾਰੀ ਕੀਤੇ।
ਸੁਰੱਖਿਆ ਹਟਾਏ ਜਾਣ ਦਾ ਇੱਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਪਹਿਲਾਂ ਹੀ ਸਟਾਫ਼ ਦੀ ਘਾਟ ਹੈ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਸਾਂਝੀਆਂ ਥਾਵਾਂ ’ਤੇ ਸੁਰੱਖਿਆ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।