Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ 15 ਅਕਤੂਬਰ ਤੋਂ ਸੂਬੇ ਵਿੱਚ ਪਸ਼ੂ ਮੇਲੇ ਲਗਾਉਣ ਜਾ ਰਹੀ ਹੈ। ਇਹ ਮੇਲੇ ਲੰਪੀ ਸਕਿਨ ਰੋਗ ਫੈਲਣ ਕਾਰਨ ਬੰਦ ਕੀਤੇ ਗਏ ਸਨ।


 






ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੰਪੀ ਸਕਿਨ ਬਿਮਾਰੀ ਤੋਂ ਪੀੜਤ ਪਸ਼ੂਆਂ ਦੀ ਵਿਸਤ੍ਰਿਤ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਪਸ਼ੂਆਂ ਦਾ ਨੁਕਸਾਨ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨਣ ਲਈ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਮੰਗ ਉਠਾਈ ਗਈ ਹੈ।


 


ਮੰਡੀਆਂ 'ਚ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਨਾਲ ਹੋਏਗੀ ਅਨਾਜ ਦੀ ਢੋਆ-ਢੁਆਈ 


ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਢੋਆ-ਢੁਆਈ ਲਈ ਇਜਾਜ਼ਤ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਹਤਰ ਪ੍ਰਬੰਧ ਕੀਤੇ ਹੋਣ ਦਾ ਦਾਅਵਾ ਕਰਦਿਆਂ ਐਲਾਨ ਕੀਤਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ ਮੰਡੀਆਂ ’ਚ ਫਸਲ ਦੇ ਢੇਰ ਲੱਗਣ ਤੋਂ ਰੋਕਣ ਲਈ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਕਾਨੂੰਨ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। 


ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪੁੱਜਦੇ ਸਾਰ ਖਰੀਦਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਮੌਕੇ ’ਤੇ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ। 


ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫਤੇ ਅੰਦਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ।