ਚੰਡੀਗੜ੍ਹ: ਕਿਸਾਨਾਂ ਲਈ ਖੁਸ਼ਖਬਰੀ ਹੈ। ਬਿਜਲੀ ਦੇ ਖੰਭਿਆਂ ਨਾਲ ਹੋਏ ਉਜਾੜੇ ਦਾ ਮੁਆਵਜ਼ਾ ਕਿਸਾਨਾਂ ਮਿਲ ਸਕਦਾ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ (ਪੀਐਸਟੀਸੀਐਲ) ਵੱਲੋਂ ਟਾਵਰ ਲਾਉਣ ਲਈ ਵਰਤੀ ਜਾਂਦੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਨੀਤੀ ਲੈ ਕੇ ਆਵੇਗੀ।

ਉਂਝ ਮੁੱਖ ਮੰਤਰੀ ਨੇ ਬਿਜਲੀ ਦੀਆਂ ਤਾਰਾਂ ਹੇਠਲੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਸੂਬੇ ਭਰ ਵਿੱਚ ਤਾਰਾਂ ਹੇਠ 105 ਲੱਖ ਏਕੜ ਰਕਬਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਟਾਵਰਾਂ ਹੇਠਲੀ ਜ਼ਮੀਨ ਐਕੁਆਇਰ ਨਹੀਂ ਕੀਤੀ ਗਈ ਕਿਉਂਕਿ ਟਾਵਰਾਂ ਤੇ ਟਰਾਂਸਮਿਸ਼ਨ ਲਾਈਨਾਂ ਹੇਠ ਆਉਂਦੀ ਜ਼ਮੀਨ ’ਤੇ ਖੇਤੀਬਾੜੀ ਦੇ ਕੰਮਾਂ ’ਤੇ ਕੋਈ ਰੋਕ ਨਹੀਂ। ਇਸ ਲਈ ਜ਼ਮੀਨ ਨੂੰ ਐਕੁਆਇਰ ਕਰਨ ਦੀ ਲੋੜ ਨਹੀਂ।

ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੀਐਸਟੀਸੀਐਲ ਦੁਆਰਾ ਕਿਸਾਨਾਂ ਦੀ ਜ਼ਮੀਨ ’ਤੇ ਬਿਜਲੀ ਦੇ ਖੰਭੇ ਲਾਉਣ ਸਬੰਧੀ ਪੇਸ਼ ਕੀਤੇ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 23 ਟਾਵਰਾਂ ਦੀਆਂ ਨੀਹਾਂ ਦੌਰਾਨ ਕਿਸਾਨਾਂ ਨੂੰ 6,38,087 ਰੁਪਏ ਦੀ ਅਦਾਇਗੀ ਕੀਤੀ ਗਈ ਹੈ।