Weather Update: ਕਿਸਾਨਾਂ ਲਈ ਖੁਸ਼ਖਬਰੀ ਹੈ। ਇਸ ਵਾਰ 25 ਜੂਨ ਤੋਂ ਪਹਿਲਾਂ ਪੰਜਾਬ 'ਚ ਮੌਨਸੂਨ ਦੀ ਐਂਟਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਵਾਰ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਏਗੀ। ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਦੀ ਰਫਤਾਰ ਸਮੇਂ ਤੋਂ ਪਹਿਲਾਂ ਚੱਲ ਰਹੀ ਹੈ। ਇਸ ਵੇਲੇ ਕਈ ਰਾਜਾਂ ਵਿੱਚ ਮੌਮਸੂਨ ਤੈਅ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਚੱਲ ਰਹੀ ਹੈ।
ਮੌਸਮ ਵਿਗਿਆਨੀਆਂ ਦਾ ਅੰਦਾਜ਼ਾ ਹੈ ਕਿ ਜਿੱਥੇ ਮੌਨਸੂਨ 5 ਤੋਂ 10 ਜੂਨ ਦੇ ਵਿਚਕਾਰ ਪਹੁੰਚਣ ਵਾਲਾ ਸੀ, ਇਹ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ। ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ ਮੌਨਸੂਨ 25 ਜੂਨ ਤੋਂ ਪਹਿਲਾਂ ਪੰਜਾਬ ਵਿੱਚ ਦਾਖਲ ਹੋ ਸਕਦੀ ਹੈ। ਮੌਜੂਦਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਮੌਨਸੂਨ ਦਾ ਪ੍ਰਵੇਸ਼ 25 ਤੋਂ 30 ਦੇ ਵਿਚਕਾਰ ਸੰਭਵ ਹੈ। ਜੇਕਰ 25 ਜੂਨ ਤੱਕ ਮੌਨਸੂਨ ਆਉਂਦੀ ਹੈ ਤਾਂ ਇਸ ਨਾਲ ਝੋਨੇ ਦੀ ਫਸਲ ਨੂੰ ਬੇਹੱਦ ਫਾਇਦਾ ਹੋਏਗਾ।
ਉਧਰ, ਨਵੇਂ ਐਕਟਿਵ ਹੋਏ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਅੱਜ ਵੀਰਵਾਰ ਤੇ ਸ਼ੁੱਕਰਵਾਰ ਨੂੰ ਪੂਰੇ ਸੂਬੇ ਵਿੱਚ ਔਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਸੂਬੇ ਵਿੱਚ 3 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਔਰੰਜ ਅਲਰਟ ਜਾਰੀ ਕੀਤੀ ਗਿਆ ਹੈ। ਇੱਥੇ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਜਦੋਂਕਿ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੈਸਟਰਨ ਡਿਸਟਰਬੈਂਸ ਦੇ ਨਾਲ-ਨਾਲ ਚੱਕਰਵਾਤੀ ਸਰਕੂਲੇਸ਼ਨ ਵੀ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਲਿਆ ਰਿਹਾ ਹੈ। ਇਸ ਸਮੇਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਦੂਜੇ ਪਾਸੇ ਇਸ ਸਮੇਂ ਪਾਕਿਸਤਾਨ ਦੇ ਖੇਤਰ ਵਿੱਚ ਪੱਵੈਸਟਰਨ ਡਿਸਟਰਬੈਂਸ ਐਕਟਿਵ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।