Punjab News: ਜਲ ਸਰੋਤ, ਖਣਨ ਤੇ ਭੂ- ਵਿਗਿਆਨ, ਸਾਇੰਸ ਤਕਨਾਲੋਜੀ ਤੇ ਵਾਤਾਵਰਣ, ਖੇਡਾਂ ਅਤੇ ਯੂਵਕ ਸੇਵਾਵਾਂ, ਭੂਮੀ ਅਤੇ ਜਲ ਸੰਭਾਲ, ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਅੱਜ ਉਚੇਚੇ ਤੌਰ ਤੇ ਏਸ਼ੀਅਨ ਗੋਲਡ ਮੈਡਲਿਸਟ ਸਿਫਤ ਕੌਰ ਸਮਰਾ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਮਿਲਣ ਅਤੇ ਵਧਾਈ ਦੇਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਫਿਰੋਜਪੁਰ ਰਣਬੀਰ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਹਾਜ਼ਰ ਸਨ। 


ਕੈਬਨਿਟ ਮੰਤਰੀ ਮੀਤ ਹੇਅਰ ਨੇ ਜਿੱਥੇ ਸਿਫਤ ਕੌਰ ਸਮਰਾ ਨਾਲ ਗੱਲਬਾਤ ਕੀਤੀ, ਉੱਥੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿਫਤ ਦੀ ਸਫਲਤਾ ਪਿੱਛੇ ਉਸ ਦੀ ਆਪਣੀ ਮਿਹਨਤ ਦੇ ਨਾਲ ਨਾਲ ਉਸ ਦੇ ਮਾਤਾ ਪਿਤਾ ਦਾ ਵਿਸ਼ੇਸ਼ ਯੋਗਦਾਨ ਹੈ। 


ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਫਰੀਦਕੋਟ ਲਈ ਮਾਣ ਵਾਲੀ ਗੱਲ ਤਾਂ ਹੈ, ਪਰ ਇਹ ਪੂਰੇ ਭਾਰਤੀਆਂ ਅਤੇ ਦੇਸ਼ ਦੇ ਹਰ ਹਿੱਸੇ ਵਿੱਚ ਵੱਸਦੇ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਧੀ ਸਿਫਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਮੈਡਲ ਜਿੱਤਣ ਦੇ ਨਾਲ ਨਾਲ ਵਰਲਡ ਰਿਕਾਰਡ ਵੀ ਸਥਾਪਿਤ ਕੀਤਾ ਹੈ। 






ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੇ ਹੱਥ ਸਿਫਤ ਕੌਰ ਸਮਰਾ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਿਸ਼ੇਸ਼ ਵਧਾਈ ਭੇਜੀ ਹੈ।


ਉਨ੍ਹਾਂ ਕਿਹਾ ਕਿ ਸਿਫਤ ਕੌਰ ਸਮਰਾ ਤੋਂ ਪ੍ਰੇਰਨਾ ਲੈ ਕੇ ਹੋਰ ਵੀ ਪੰਜਾਬ ਦੀਆਂ ਲੜਕੀਆਂ ਇਸ ਫੀਲਡ ਵਿੱਚ ਆਉਣ ਤੇ ਪੰਜਾਬ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਦੇ ਨਾਮ ਹੁਣ ਤੱਕ 8 ਗੋਲਡ ਮੈਡਲ ਏਸ਼ੀਅਨ ਗੇਮਜ਼ ਵਿੱਚੋ ਆ ਚੁੱਕੇ ਹਨ ਅਤੇ ਹੋਰ ਵੀ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਵੀ ਵਿਸ਼ਵ ਰਿਕਾਰਡ ਹੈ ਕਿ ਹੁਣ ਤੱਕ ਕਦੇ ਵੀ ਪੰਜਾਬ ਦੇ ਨਾਮ ਏਸ਼ੀਅਨ ਗੇਮਜ਼ ਵਿੱਚੋਂ ਏਨੇ ਗੋਲਡ ਮੈਡਲ ਨਹੀਂ ਆਏ, ਜੋ ਕਿ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।


ਉਨ੍ਹਾਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ 48 ਖਿਡਾਰੀਆਂ ਨੇ ਭਾਗ ਲਿਆ ਸੀ ਅਤੇ ਹੁਣ ਤੱਕ 31 ਮੈਡਲ ਪੰਜਾਬ ਦੇ ਨਾਮ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ 31 ਇੰਟਰਨੈਸ਼ਨਲ ਮੈਡਲਿਸਟ ਖਿਡਾਰੀਆਂ ਨੂੰ ਅਤੇ ਅੱਗੇ ਹੋਰ ਜਿੱਤਣ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖਿਡਾਰੀਆਂ ਨੂੰ ਕੈਸ਼ ਐਵਾਰਡ ਵੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਏਸ਼ੀਅਨ ਖੇਡਾਂ ਵਿੱਚ ਖੇਡਣ ਲਈ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਤਿਆਰੀ ਲਈ 8-8 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਦੀ ਤਿਆਰੀ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿ ਜਾਵੇ।


ਉਨ੍ਹਾਂ ਉਮੀਦ ਜਤਾਈ ਕਿ ਸਿਫਤ ਕੌਰ ਸਮਰਾ ਆਉਣ ਵਾਲੀਆਂ ਉਲੰਪਿਕ ਗੇਮਜ਼ ਵਿੱਚੋਂ ਵੀ ਗੋਲਡ ਮੈਡਲ ਹਾਸਲ ਕਰੇਗੀ। ਇਸ ਮੌਕੇ ਸਿਫਤ ਕੌਰ ਸਮਰਾ ਨੇ ਕਿਹਾ ਕਿ ਉਸ ਨੂੰ ਕਾਫੀ ਖੁਸ਼ੀ ਹੈ ਕਿ ਕੈਬਨਿਟ ਮੰਤਰੀ ਖੁਦ ਉਨ੍ਹਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਅੱਗੇ ਹੋਰ ਵੀ ਮਿਹਨਤ ਕਰੇਗੀ ਅਤੇ ਪੰਜਾਬ ਦਾ ਨਾਮ ਹੋਰ ਰੋਸ਼ਨ ਕਰੇਗੀ।