Punjab News: ਨੌਜਵਾਨਾਂ ਲਈ ਖ਼ੁਸ਼ਖ਼ਬਰੀ ! ਪੰਜਾਬ ਪੁਲਿਸ 'ਚ ਛੇਤੀ ਹੀ ਇਨ੍ਹਾਂ ਅਹੁਦਿਆਂ ਲਈ ਨਿਕਲਣਗੀਆਂ ਨੌਕਰੀਆਂ, ਜਾਣੋ
Punjab Police: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਘਾਟ ਉਤੇ ਕਾਬੂ ਪਾਉਣ ਲਈ ਅਗਲੇ ਚਾਰ ਸਾਲਾਂ ਤੱਕ ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ।
Punjab News: ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੇ ਖੇਡ ਤੇ ਤਕਨੀਕੀ ਕੇਡਰ ਵਿੱਚ ਵਾਧਾ ਕਰਨ ਲਈ ਜਲਦੀ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਇਸ ਤਹਿਤ ਟੈਕਨੀਕਲ ਸਪੋਰਟ ਸਰਵਿਸਜ਼ ਵਿੱਚ 267 ਸਬ ਇੰਸਪੈਕਟਰ ਤੇ 2340 ਕਾਂਸਟੇਬਲ, ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੌਲਦਾਰ ਤੇ 362 ਕਾਂਸਟੇਬਲ, ਇੰਟੈਲੀਜੈਂਸ ਕਾਡਰ ਵਿੱਚ 794 ਕਾਂਸਟੇਬਲ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਮਰਪਣ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦੀ ਰਵਾਇਤ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦੇਸ਼ ਸੇਵਾ ਲਈ ਦਿਖਾਇਆ ਜਜ਼ਬਾ ਲਾਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਘਾਟ ਉਤੇ ਕਾਬੂ ਪਾਉਣ ਲਈ ਅਗਲੇ ਚਾਰ ਸਾਲਾਂ ਤੱਕ ਪੰਜਾਬ ਪੁਲਿਸ ਵਿੱਚ ਹਰੇਕ ਸਾਲ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰੇਕ ਸਾਲ ਤਕਰੀਬਨ 2.50 ਲੱਖ ਉਮੀਦਵਾਰਾਂ ਦੇ ਅਰਜ਼ੀਆਂ ਦੇਣ ਦੀ ਸੰਭਾਵਨਾ ਹੈ। ਇਨ੍ਹਾਂ ਸੰਭਾਵੀ ਉਮੀਦਵਾਰਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਨਾਲ-ਨਾਲ ਸਰੀਰਕ ਯੋਗਤਾ ਵਿੱਚ ਸੁਧਾਰ ਦਾ ਮੌਕਾ ਦੇਣ ਲਈ ਭਰਤੀ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਜਾਲ ਤੋਂ ਮੁਕਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ ਠੱਲ੍ਹ ਪਾਉਣ ਅਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਸੁਚਾਰੂ ਕਰਨ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਜ਼ਿੰਮਾ ਸੌਂਪਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ ਕੰਮ ਦਾ ਬੋਝ ਘੱਟ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਇਸ ਫੋਰਸ ਨੂੰ ਅਤਿ-ਆਧੁਨਿਕ ਉਪਕਰਨਾਂ ਤੇ ਤਕਨੀਕਾਂ ਨਾਲ ਲੈਸ 144 ਵਾਹਨ ਦਿੱਤੇ ਜਾਣਗੇ ਅਤੇ ਇਹ ਫੋਰਸ ਦੀਆਂ ਗੱਡੀਆਂ ਦੇ ਕੰਮਕਾਜ ਦਾ ਘੇਰਾ 30 ਕਿਲੋਮੀਟਰ ਤੱਕ ਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਐਮਰਜੈਂਸੀ ਇਲਾਜ ਦਿੱਤਾ ਜਾ ਸਕੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ।