Talwandi Sabo Thermal Plant: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿੱਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਤੇ ਬਾਕੀ ਦੋ ਯੂਨਿਟ ਵੀ ਅੱਜ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।



ਬਿਜਲੀ ਮੰਤਰੀ ਨੇ ਮੰਗਲਵਾਰ ਨੂੰ ਪੀਐਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।


ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵੱਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।


ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।


Read More: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼, ਪੂਰੇ ਦੇਸ਼ 'ਚ ਪੜ੍ਹਾਇਆ ਜਾਏ, ਸਿੱਖਿਆ ਮੰਤਰੀ ਬੈਂਸ ਨੇ ਕੇਂਦਰ ਕੋਲ ਰੱਖੀ ਮੰਗ