Free electricity in Punjab: ਪੰਜਾਬ ਦਾ ਲੱਖਾਂ ਲੋਕਾਂ ਲਈ ਖੁਸ਼ਖਬਰੀ ਹੈ। ਇਸ ਵਾਰ ਸੂਬੇ ਦੇ 51 ਲੱਖ ਦੇ ਕਰੀਬ ਖਪਤਕਾਰਾਂ ਨੂੰ ਜੁਲਾਈ ਤੇ ਅਗਸਤ ਦਾ ਬਿਜਲੀ ਬਿੱਲ ਨਹੀਂ ਆਏਗਾ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤਾ ਹੈ। ਇਸ ਨਾਲ ਪੰਜਾਬ ਅੰਦਰ ਮਹਿੰਗੀ ਬਿਜਲੀ ਤੋਂ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਦਾਅਵਾ ਕੀਤਾ ਕਿ ਸੂਬੇ ਵਿੱਚ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਨਾਲ ਸਤੰਬਰ ਮਹੀਨੇ ਵਿੱਚ ਆਉਣ ਵਾਲਾ 51 ਲੱਖ ਘਰਾਂ ਦਾ ਜੁਲਾਈ ਤੇ ਅਗਸਤ ਮਹੀਨਿਆਂ ਦਾ ਬਿਜਲੀ ਬਿੱਲ ਜ਼ੀਰੋ ਹੋਵੇਗਾ।
ਮਾਨ ਨੇ ਕਿਹਾ ਕਿ ਉਕਤ ਫੈਸਲਾ ਪਹਿਲੀ ਜੁਲਾਈ ਤੋਂ ਲਾਗੂ ਹੋਣ ਕਰ ਕੇ ਜੁਲਾਈ ਤੇ ਅਗਸਤ ਮਹੀਨਿਆਂ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਦੀ ਖ਼ਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਦੇ ਬਿੱਲ ਵਜੋਂ ਇਕ ਪੈਸਾ ਵੀ ਨਹੀਂ ਦੇਣਾ ਪਵੇਗਾ ਕਿਉਂਕਿ ਉਨ੍ਹਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ’ਚ ਲਗਪਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਸੂਬਾ ਸਰਕਾਰ ਦੇ ਇਸ ਕਦਮ ਨਾਲ ਉਨ੍ਹਾਂ ਘਰੇਲੂ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।
ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ। ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ’ਤੇ ਵਚਨਬੱਧ ਹਾਂ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।