Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80  ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ।


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।


ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਪੰਜਾਬ ਭਰ ਦੇ ਸਕੂਲਾਂ ਦੇ 10 ਹਜ਼ਾਰ ਕਲਾਸਰੂਮਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਰੂਮਾਂ ਵਿੱਚ ਨਵੀਂ ਤਰ੍ਹਾਂ ਦਾ ਫਰਨੀਚਰ ਦਿੱਤਾ ਜਾਵੇਗਾ ਤਾਂ ਕਿ ਅਧਿਆਪਕ ਹਰੇਕ ਵਿਦਿਆਰਥੀ ਦੀ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਇਕ ਹਜ਼ਾਰ ਨਵੇਂ ਕਲਾਸਰੂਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਦੇ ਜਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸਿੱਖਿਆ ਖ਼ੇਤਰ ਵਿੱਚ ਵਿਸ਼ਵ ਭਰ ਵਿੱਚ ਚੱਲ ਰਹੀਆਂ ਆਧੁਨਿਕ ਕਵਾਇਦਾਂ ਬਾਰੇ ਅਧਿਆਪਕ ਜਾਣੂੰ ਹੋ ਸਕਣ।


ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਭਰਨ ਲਈ ਉਨ੍ਹਾਂ ਨੂੰ ਇਸਰੋ ਤੇ ਹੋਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦਾ ਮੁਕੰਮਲ ਵਿਕਾਸ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦੇ ਯੋਗ ਬਣਾਉਣਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਵਿਆਪਕ ਮਾਪੇ-ਅਧਿਆਪਕ ਮਿਲਣੀ ਵਿੱਚ 19 ਲੱਖ ਤੋਂ ਵੱਧ ਮਾਪਿਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।


ਅਧਿਆਪਕਾਂ ਨਾਲ ਭਾਵੁਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਹੱਲ ਕੀਤੀ ਜਾਵੇਗੀ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਉਪਰਾਲੇ ਕਰ ਰਹੀ ਹੈ। ਅਧਿਆਪਕਾਂ ਨੂੰ ਦਰਪੇਸ਼ ਸਾਰੇ ਮਸਲੇ ਹੱਲ ਕਰਨ ਦਾ ਵਾਅਦਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਖਜ਼ਾਨਾ ਲੋਕਾਂ ਲਈ ਹੈ ਅਤੇ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ।