ਲੁਧਿਆਣਾ: ਕੈਬਨਿਟ ਮੰਤਰੀ ਫੌਜਾ ਸਿੰਘ ਨੇ ਕਿਹਾ ਹੈ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ ਤੇ ਜੇਕਰ ਹਰ ਕੋਈ ਸਰਕਾਰੀ ਨੌਕਰੀ ਕਰੇਗਾ ਤਾਂ ਹੋਰ ਕੰਮ ਕੌਣ ਕਰੇਗਾ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਰੁਜ਼ਗਾਰ ਦੇ ਨਵੇਂ ਮੌਕੇ ਲੱਭੇ ਜਾ ਸਕਣ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਥਿਤ ਫੂਡ ਟੈਕਨਾਲੋਜੀ ਵਿਭਾਗ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਫੂਡ ਪ੍ਰੋਸੈਸਿੰਗ ਦਾ ਕਾਰੋਬਾਰ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਇਸ ਸਬੰਧੀ ਪੀਏਯੂ ਵਿੱਚ ਧਰਨੇ ’ਤੇ ਬੈਠੇ ਵਿਦਿਆਰਥੀਆਂ ਬਾਰੇ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ। ਸਰਕਾਰੀ ਨੌਕਰੀਆਂ ਨਿਰਧਾਰਤ ਮਾਪਦੰਡਾਂ ਦੇ ਟੈਸਟ ਦੇ ਆਧਾਰ 'ਤੇ ਦਿੱਤੀਆਂ ਜਾਂਦੀਆਂ ਹਨ। ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਭੁਗਤ ਰਹੀ ਹੈ।
ਇਸ ਦੌਰਾਨ ਯੂਨੀਵਰਸਿਟੀ ਵਿੱਚ ਵੀਸੀ ਦੀ ਨਿਯੁਕਤੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਜ਼ਿੰਮੇਵਾਰੀ ਵਾਲੇ ਅਹੁਦੇ ’ਤੇ ਨਿਯੁਕਤੀ ਦੀ ਪ੍ਰਕਿਰਿਆ ਹੈ, ਜਿਸ ’ਤੇ ਕੰਮ ਚੱਲ ਰਿਹਾ ਹੈ। ਪ੍ਰਾਈਵੇਟ ਬੱਸਾਂ ਦੀ ਹੜਤਾਲ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਸਭ ਕੁਝ ਮੁਫਤ ਨਹੀਂ ਕਰ ਸਕਦੀ। ਉਨ੍ਹਾਂ ਅਕਾਲੀ ਦਲ ਵਿੱਚ ਵਧ ਰਹੀ ਧੜੇਬੰਦੀ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਆਜ਼ਾਦੀ ਦਿਹਾੜੇ 'ਤੇ ਕੇਸਰੀ ਝੰਡਾ ਲਹਿਰਾਉਣ ਸਬੰਧੀ ਦਿੱਤੇ ਗਏ ਬਿਆਨ 'ਤੇ ਉਨ੍ਹਾਂ ਕਿਹਾ ਕਿ ਤਿਰੰਗੇ ਦਾ ਸਾਨੂੰ ਸਾਰਿਆਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ। ਸਾਰੇ ਧਰਮਾਂ ਦੇ ਆਪਣੇ-ਆਪਣੇ ਚਿੰਨ੍ਹ ਹਨ ਪਰ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ।