CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੋ ਸਾਲਾਂ 'ਚ ਹੀ ਪੰਜਾਬ ਦੇ 42992 ਮੁੰਡੇ ਕੁੜੀਆਂ ਨੂੰ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ, ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇ ਚੁੱਕੇ ਹਾਂ। ਅਸੀਂ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦੀ ਆਜ਼ਾਦੀ ਨੂੰ ਲੋਕਾਂ ਦੇ ਘਰਾਂ 'ਚ ਪਹੁੰਚਾਉਣ ਦਾ ਕੰਮ ਕਰ ਰਹੇ ਹਾਂ। ਸੀਐਮ ਭਗਵੰਤ ਮਾਨ ਐਤਵਾਰ ਨੂੰ ਹਰਿਆਣਾ ਦੇ ਕੁਰਕਸ਼ੇਤਰ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸੀ।


 







ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਹਰਿਆਣਾ ਦੇ ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ‘ਆਪ’ ਦੇ ਦੋਵੇਂ ਸੀਨੀਅਰ ਆਗੂਆਂ ਨੇ ‘ਬਦਲਾਂਗੇ ਕੁਰੂਕਸ਼ੇਤਰ, ਬਦਲਾਂਗੇ ਹਰਿਆਣਾ, ਇਬਕੇ ਇੰਡੀਆ ਕੋ ਜਿਤਾਨਾ’ ਦਾ ਨਾਅਰਾ ਦਿੱਤਾ। 


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ’ਤੇ ਧਰਮ ਯੁੱਧ ਲੜਿਆ ਗਿਆ ਸੀ, ਜਿਸ ਨੇ ਅਧਰਮੀਆਂ ਦਾ ਖਾਤਮਾ ਕਰ ਦਿੱਤਾ ਸੀ। ਹਰਿਆਣਾ ਵਿੱਚ ਬਦਲਾਅ ਦੀ ਸ਼ੁਰੂਆਤ ਵੀ ਕੁਰੂਕਸ਼ੇਤਰ ਦੀ ਧਰਤੀ ਤੋਂ ਸ਼ੁਰੂ ਕੀਤੀ ਜਾਵੇਗੀ। 


ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਦਿੱਲੀ ਤੇ ਪੰਜਾਬ ਵਾਸੀਆਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਲੋਕ ਨਿੱਜੀ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣਾ ਚਾਹੁੰਦੇ ਹਨ ਤੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਚਾਹੁੰਦੇ ਹਨ। ਇਸ ਲਈ ਹਰਿਆਣਾ ਵਿੱਚ ਵੀ ਇੰਡੀਆ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਤੋਂ ਬਾਅਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਤੇ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਈ ਜਾਵੇਗੀ।



ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ 75 ਸਾਲਾਂ ਤੋਂ ਦੇਸ਼ ਨੂੰ ਲੁੱਟਿਆ ਹੈ, ਜਦੋਂਕਿ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਵੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਸੰਘਰਸ਼ ਕਰਨ ਜਾ ਰਿਹਾ ਹੈ ਤਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਰੋਕ ਲਈ ਵੱਡੀਆਂ-ਵੱਡੀਆਂ ਰੋਕਾਂ ਲਗਾ ਦਿੱਤੀਆਂ। ਇਸ ਦੇ ਨਾਲ ਹੀ ਭਾਜਪਾ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਮੁੱਲ ਦੀ ਥਾਂ ਅੱਥਰੂ ਗੈਸ ਦੇ ਗੋਲੇ, ਗੋਲੀਆਂ ਤੇ ਲਾਠੀਆਂ ਦਿੱਤੀਆਂ ਸਨ, ਜਿਸ ਕਰ ਕੇ ਇਕ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ ਹੈ। 


ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਆਪਣੇ ਸੰਘਰਸ਼ ਲਈ ਲੜਾਈ ਲੜ ਰਹੀਆਂ ਪਹਿਲਵਾਨ ਖਿਡਾਰਨਾਂ ’ਤੇ ਜ਼ੁਲਮ ਕੀਤੇ ਸਨ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ।