ਨਾਂਦੇੜ  (ਮਹਾਰਾਸ਼ਟਰ)/ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ, 'ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਤੇ ਪੰਜਾਬ ਸਰਕਾਰ ਉਨ੍ਹਾਂ ਦੀ ਸਮਰੱਥਾ ਦਾ ਲਾਭ ਉਠਾਉਣ ਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਯਤਨ ਕਰ ਰਹੀ ਹੈ।' ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿੱਚ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਖਿਡਾਰੀ ਆਪਣਾ ਵਧੀਆ ਪਰਦਰਸ਼ਨ ਦਿਖਾ ਸਕਣ ਤੇ ਦੇਸ਼ ਦਾ ਨਾਂ ਉਚਾ ਕਰ ਸਕਣ।



ਸ੍ਰੀ ਹਜ਼ੂਰ ਸਾਹਿਬ ਨਾਂਦੇੜ  (ਮਹਾਰਾਸ਼ਟਰ) ਵਿਖੇ 49 ਵੇਂ ਆਲ ਇੰਡੀਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ਵਿੱਚ ਸੰਧਵਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਲੋਕਾਂ ਦੀ ਤਾਕਤ ਤੇ ਤੰਦਰੁਸਤੀ ਦਾ ਅੰਦਾਜ਼ਾ ਉਸ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਲਗਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਨਾਲ ਜੁੜੇ ਰਹਿਣਾ ਸਮੇਂ ਦੀ ਮੁੱਖ ਲੋੜ ਹੈ।


ਪੰਜਾਬ ਵਿੱਚ ਖੇਡਾਂ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਸਰਗਰਮੀ ਆਰੰਭੀ ਹੋਈ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। 


ਉਨ੍ਹਾਂ ਕਿਹਾ ਕਿ ਖੇਡਾਂ, ਖਿਡਾਰੀਆਂ ਨੂੰ ਉਨਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਤੇ ਪੰਜਾਬ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ।